ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੀ ਪੁਲਿਸ ਜਾਂਚ ਆਪਣੇ ਅੰਤਿਮ ਪੜਾਅ ’ਤੇ ਪਹੁੰਚ ਗਈ ਹੈ। ਪਤਾ ਲੱਗਾ ਹੈ ਕਿ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਅਗਲੇ ਹਫ਼ਤੇ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੇਗੀ। ਦੱਸਿਆ ਜਾ ਰਿਹਾ ਹੈ ਕਿ ਥਾਣੇ ’ਤੇ ਹਮਲੇ ’ਚ ਸ਼ਾਮਲ 30 ਮੁਲਜ਼ਮਾਂ ਦੀਆਂ ਫੋਟੋਆਂ ਪੁਲਿਸ ਫਾਈਲ ’ਚ ਸ਼ਾਮਲ ਕੀਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਘਟਨਾ ਸਥਾਨ ’ਤੇ 150 ਤੋਂ ਵੱਧ ਬਣਾਏ ਗਏ ਵੀਡੀਓਜ਼ ਦੀ ਪੜਤਾਲ ਕਰਨ ਤੋਂ ਬਾਅਦ 46 ਵੀਡੀਓ ਫਾਈਲ ’ਚ ਜੋੜ ਕੇ ਪੁਖਤਾ ਸਬੂਤ ਤਿਆਰ ਕੀਤੇ ਹਨ। ਹਾਲਾਂਕਿ ਜਦੋਂ ਵੀ ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਚੁੱਪ ਧਾਰੀ ਰੱਖੀ। ਜਾਂਚ ਰਿਪੋਰਟ ’ਚ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ’ਤੇ ਹਮਲੇ ਤੋਂ ਲੈ ਕੇ ਥਾਣੇ ’ਤੇ ਹਮਲੇ ਤੱਕ ਦਾ ਜ਼ਿਕਰ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਪੁਲਿਸ ਅਗਵਾ ਅਤੇ ਕੁੱਟਮਾਰ ਦੇ ਕੇਸ ਵਿਚ ਸ਼ਿਕਾਇਤ ਕਰਨ ਵਾਲੇ ਪੀੜਤ ਵਰਿੰਦਰ ਸਿੰਘ ਦੇ ਬਿਆਨ ਮੁੜ ਦਰਜ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਥਾਣਾ ਅਜਨਾਲਾ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਕੁੱਟਮਾਰ, ਅਗਵਾ ਅਤੇ ਲੁੱਟ-ਖੋਹ ਦਾ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਗ੍ਰਿਫਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਅਜਨਾਲਾ ਦੇ ਬਾਹਰ ਧਰਨਾ ਦਿੱਤਾ ਪਰ ਭੀੜ ਨੇ ਥਾਣੇ ’ਤੇ ਹਮਲਾ ਕਰ ਦਿੱਤਾ ਜਿਸ ਨਾਲ ਐੱਸਪੀ ਜੁਗਰਾਜ ਸਿੰਘ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤ ਕੇ ਥਾਣੇ ’ਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਪੁਲਿਸ ਨੇ ਗ੍ਰਿਫਤਾਰ ਤੂਫਾਨ ਸਿੰਘ ਨੂੰ ਕਲੀਨ ਚਿੱਟ ਦੇ ਕੇ ਜੇਲ੍ਹ ਤੋਂ ਰਿਹਾਅ ਕਰਵਾ ਦਿੱਤਾ।