ਫਰੀਦਕੋਟ – ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਸੁਖਬੀਰ ਬਾਦਲ ਦੀ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ ਪਰ ਮਾਣਯੋਗ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਇਲਾਵਾ ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਨੂੰ ਵੀ ਕੋਰਟ ਨੇ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਫ਼ੈਸਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ।
ਦਰਅਸਲ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਬੀਤੇ ਦਿਨੀਂ ਦੋ ਵਾਰ ਬਹਿਸ ਪੂਰੀ ਕਰਦਿਆਂ ਅਦਾਲਤ ਨੇ ਉਸਦਾ ਫ਼ੈਸਲਾ ਦੋਵੇਂ ਵਾਰ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਅਦਾਲਤ ਨੇ ਇਸ ‘ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।