ਸ੍ਰੀ ਕੀਰਤਪੁਰ ਸਾਹਿਬ/ਗੁਰਦਾਸਪੁਰ (ਚੋਵੇਸ਼ ਲਟਾਵਾ)- ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਪਰਿਵਾਰ ਅੱਜ ਸ੍ਰੀ ਕੀਰਤਪੁਰ ਸਾਹਿਬ ‘ਚ ਪਹੁੰਚਿਆ। ਪਰਿਵਾਰਕ ਮੈਂਬਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਵੱਲੋਂ ਸਤਲੁਜ ਦਰਿਆ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਵਿਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਨ ਲਈ ਪਰਿਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਮਿਲਿਆ।
ਜ਼ਿਕਰਯੋਗ ਹੈ ਕਿ ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ੀ ਕਰਦੇ ਹੋਏ ਨੌਜਵਾਨਾਂ ਨੂੰ ਰੋਕਣ ਲਈ ਆਪਸ ਵਿਚ ਦੋ ਧਿਰਾਂ ਵਿਚਕਾਰ ਤਕਰਾਰ ਹੋ ਗਈ ਸੀ, ਜਿਸ ਵਿੱਚ ਨਿਹੰਗ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਸੀ। ਉਸ ਦੇ ਜੱਦੀ ਪਿੰਡ ਵਿਖੇ ਭੋਗ ਪਾਏ ਗਏ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਰਘਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਗੁਰਦੀਪ ਸਿੰਘ ਕੰਗ ਦੇ ਸਮੇਤ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਹੋਰ ਕਈ ਹਾਜ਼ਰ ਸਨ।