ਫਰੀਦਕੋਟ- ਕੋਟਕਪੂਰਾ ਗੋਲ਼ੀ ਕਾਂਡ ਵਿੱਚ ਮੁਲਜ਼ਮ ਨਾਮਜ਼ਦ ਹੋਣ ਮਗਰੋਂ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਵਾਸਤੇ ਸਥਾਨਕ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਰਜ਼ੀ ਲਾ ਦਿੱਤੀ ਹੈ। ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ 20 ਮਾਰਚ ਨੂੰ ਬਹਿਸ ਹੋਵੇਗੀ।
ਵਧੀਕ ਸੈਸ਼ਨਜ਼ ਜੱਜ ਰਾਜੀਵ ਕਾਲੜਾ ਨੇ ਇਨ੍ਹਾਂ ਅਰਜ਼ੀਆਂ ’ਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕਿਹਾ ਕਿ ਕੇਸ ਨਾਲ ਜੁੜਿਆ ਰਿਕਾਰਡ 20 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਉਮਰਾਨੰਗਲ ਦਾ ਕਹਿਣਾ ਹੈ ਕਿ ਉਸ ਦਾ ਕੋਟਕਪੂਰਾ ਗੋਲ਼ੀ ਕਾਂਡ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਸ ਨੇ ਪੁੱਛਗਿੱਛ ਦੌਰਾਨ ਜਾਂਚ ਟੀਮ ਨਾਲ ਪੂਰਾ ਸਹਿਯੋਗ ਕੀਤਾ ਸੀ।
23 ਮਾਰਚ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋਣ ਦੀ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਅਦਾਲਤ ਵਿਚ ਪੇਸ਼ ਹੋਣ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਪੁਲਸ ਉਨ੍ਹਾਂ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਵੀ ਕਰ ਸਕਦੀ ਹੈ।