ਚੰਡੀਗੜ੍ਹ – ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਬਠਿੰਡਾ ਦੇ ਰਹਿਣ ਵਾਲੇ ਇਮਾਨ ਸਿੰਘ ਵੱਲੋਂ ਅਦਾਲਤ ‘ਚ ਦਾਖ਼ਲ ਕੀਤੀ ਗਈ ਹੈ।
ਉਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਪੁਲਸ ਨੇ ਗੈਰ ਕਾਨੂੰਨੀ ਹਿਰਾਸਤ ‘ਚ ਰੱਖਿਆ ਹੋਇਆ ਹੈ। ਉਸ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਸ ਅਫ਼ਸਰਾਂ ਨੂੰ ਹੁਕਮ ਦਿੱਤੇ ਜਾਣ ਕਿ ਅੰਮ੍ਰਿਤਪਾਲ ਨੂੰ ਪੇਸ਼ ਕੀਤਾ ਜਾਵੇ। ਹਾਲਾਂਕਿ ਹਾਈਕੋਰਟ ਨੇ ਫਿਲਹਾਲ ਵਾਰੰਟ ਅਫ਼ਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਅਦਾਲਤ ‘ਚ 21 ਮਾਰਚ ਨੂੰ ਸੁਣਵਾਈ ਕੀਤੀ ਜਾਣੀ ਹੈ।
ਮਾਮਲੇ ਦੀ ਸੁਣਵਾਈ ਹਾਈਕੋਰਟ ਦੇ ਜਸਟਿਸ ਐੱਨ. ਐੱਸ. ਸ਼ੇਖਾਵਤ ਦੇ ਘਰ ਹੋਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਵੱਲੋਂ ਜਲੰਧਰ ‘ਚ ਆਤਮ-ਸਮਰਪਣ ਕਰ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਜਾਰੀ ਹੈ ਅਤੇ ਪੁਲਸ ਵੱਲੋਂ ਇਸ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।