ਚੰਡੀਗੜ੍ਹ/ਲੁਧਿਆਣਾ- ਪੰਜਾਬ ਦੇ ਮੌਜੂਦਾ ਮਾਹੌਲ ਦੌਰਾਨ ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਇੰਟਰਨੈੱਟ ਚਲਾਉਣ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ‘ਚ ਮੰਗਲਵਾਰ ਮਤਲਬ ਕਿ ਅੱਜ ਦੁਪਹਿਰ 12 ਵਜੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ, ਮੋਗਾ ਅਤੇ ਸੰਗਰੂਰ ‘ਚ ਇੰਟਰਨੈੱਟ ਪੂਰਨ ਤੌਰ ‘ਤੇ ਬੰਦ ਰਹੇਗਾ, ਜਦੋਂ ਕਿ ਅੰਮ੍ਰਿਤਸਰ ਦੇ ਅਜਨਾਲਾ ‘ਚ ਵੀ ਇੰਟਰਨੈੱਟ ਬੰਦ ਰਹੇਗਾ।
ਇਸ ਤੋਂ ਇਲਾਵਾ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਅਤੇ ਏਅਰਪੋਰਟ ‘ਤੇ ਵੀ ਇੰਟਰਨੈੱਟ ‘ਤੇ ਪਾਬੰਦੀ ਜਾਰੀ ਰਹੇਗੀ। ਇਨ੍ਹਾਂ ਜ਼ਿਲ੍ਹਿਆਂ ‘ਚ 23 ਮਾਰਚ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ।
ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਮਤਲਬ ਕਿ 18 ਮਾਰਚ ਨੂੰ ਪੰਜਾਬ ਪੁਲਸ ਵੱਲੋਂ ਪੂਰੇ ਸੂਬੇ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਬੇ ‘ਚ ਅਫ਼ਵਾਹਾਂ ਅਤੇ ਮਾਹੌਲ ਨੂੰ ਵਿਗੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮੋਬਾਇਲ ਇੰਟਰਨੈੱਟ ਸੇਵਾਵਾਂ ‘ਤੇ ਰੋਕ ਲਾ ਦਿੱਤੀ ਗਈ ਸੀ।