ਚੰਡੀਗੜ੍ਹ : ਭਾਰਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਇਸ ਬਾਰੇ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ‘ਤੇ ਉਤਰ ਆਈਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ-ਪੀਰੀ ਦੇ ਸਰਵ ਉੱਚ ਅਸਥਾਨ ਖ਼ਿਲਾਫ਼ ਜੰਗ ਛੇੜਨ ਵਾਲਿਆਂ ਦਾ ਹਸ਼ਰ ਮਾੜਾ ਹੁੰਦਾ ਹੈ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਭਾਰਤ ‘ਚ ਬੈਨ ਹੋ ਗਿਆ ਹੈ। ਟਵਿੱਟਰ ‘ਤੇ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇਕ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ‘ਚ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਇਹ ਵੀ ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ।