ਪਟਿਆਲਾ- ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਕੱਲ੍ਹ 1 ਅਪ੍ਰੈਲ ਨੂੰ ਰਿਹਾਅ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ਅਕਾਊਂਟ ’ਤੇ ਦਿੱਤੀ ਗਈ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸੰਬੰਧੀ ਜਾਣਕਾਰੀ ਬਕਾਇਦਾ ਸਬੰਧਤ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਗੁਰਦੁਆਰਾ ਸਾਹਿਬ ਦੂਖ ਨਿਵਾਰਣ ਸਾਹਿਬ ਅਤੇ ਇਤਿਹਾਸਕ ਕਾਲਾ ਮਾਤਾ ਮੰਦਰ ’ਚ ਮੱਥਾ ਟੇਕਣ ਲਈ ਜਾਣਗੇ।