ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ


ਸ੍ਰੀ ਕੀਰਤਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਕ ਦਿਨ ਦੇ 10 ਲੱਖ 20 ਹਜ਼ਾਰ ਰੁਪਏ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਦੀ ਜਾਂਚ ਦੌਰਾਨ ਟੋਲ ਪਲਾਜ਼ਿਆਂ ਤੋਂ ਹੈਰਾਨੀਜਨਕ ਲੁੱਟ ਸਾਹਮਣੇ ਆਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਕੰਪਨੀ ਨੇ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸਾਡੇ ਕੋਲ 582 ਦਿਨਾਂ ਦੀ ਮਿਆਂਦ ਵਧਾਉਣ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਅੱਜ ਤੋਂ ਇਹ ਟੋਲ ਪਲਾਜ਼ਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। ਮੈਂ ਹਰ ਰੋਜ਼ 4 ਤੋਂ 5 ਬਟਨ ਲੋਕਾਂ ਦੇ ਹੱਕ ਵਿਚ ਦੱਬਦਾ ਹਾਂ। ਹੁਣ ਤੱਕ ਕਈ ਗਾਰੰਟੀਆਂ ਪੰਜਾਬ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਈਆਂ ਹਨ।

ਉਥੇ ਹੀ ਕੈਪਟਨ ਅਤੇ ਅਕਾਲੀਆਂ ‘ਤੇ ਰਗੜੇ ਲਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਕੈਪਟਨ ਦੀ ਸਰਕਾਰ ਵੇਲੇ ਲੱਗਿਆ ਸੀ ਅਤੇ 2014 ਵਿਚ ਅਕਾਲੀਆਂ ਵੇਲੇ ਬੰਦ ਹੋਣਾ ਸੀ, ਜਿਸ ਨੂੰ ਬੰਦ ਨਹੀਂ ਕੀਤਾ ਗਿਆ। ਫਿਰ ਬਾਅਦ ਵਿਚ 2017 ਵਿਚ ਵੀ ਕਾਂਗਰਸ ਦੀ ਸਰਕਾਰ ਨੂੰ ਇਹ ਟੋਲ ਪਲਾਜ਼ਾ ਬੰਦ ਕਰਨ ਦਾ ਮੌਕਾ ਆਇਆ ਸੀ ਜਦਕਿ ਫਿਰ ਵੀ ਬੰਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਚੇ-ਭਤੀਜੇ ਦੀ ਮਿਲੀਭੁਗਤ ਨਾਲ ਹੀ ਇਸ ਨੂੰ ਬੰਦ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *