ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਸਮ ਦੀ ਮਾਰ ਨਾਲ ਤਬਾਹ ਹੋਈ ਫਸਲ ਦੇ ਬਦਲੇ ’ਚ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਹੈ। ਪਿਛਲੇ ਇਕ ਪੰਦਰਵਾੜੇ ਤੋਂ ਜ਼ਿਆਦਾ ਸਮੇਂ ਤੋਂ ਲਗਾਤਾਰ ਮੀਂਹ, ਤੇਜ਼ ਹਵਾ ਅਤੇ ਗੜੇਮਾਰੀ ਨਾਲ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਖੜ੍ਹੀ ਕਣਕ ਦੀ ਫਸਲ ਤਬਾਹ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਬਿਆਨ ਜਾਰੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਦਾਸੀਨ ਰਵੱਈਏ ’ਤੇ ਹੈਰਾਨੀ ਜਤਾਉਂਦਿਆਂ ਕਿਹਾ, ‘ਮੁੱਖ ਮੰਤਰੀ ਕਿਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਸੂਬੇ ਦੇ ਲਗਭਗ ਅੱਧੇ ਹਿੱਸੇ ’ਚ ਕਣਕ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਇਸ ਦੀ ਪੁਸ਼ਟੀ ਖੇਤੀਬਾੜੀ ਮਾਹਿਰਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ‘ਦਿੱਲੀ ਮਾਡਲ’ ’ਤੇ ਫਸਲ ਨੁਕਸਾਨ ਦੇ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰਨ ਲਈ ਗਿਰਦਾਵਰੀ ਪ੍ਰਕਿਰਿਆ ਵਿਚ ਦੇਰੀ ਕਰਨ ਦੀ ਬਜਾਏ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜਿਵੇਂ ਕਿ ਉਹ ਪਿਛਲੇ ਸਾਲ ਵੀ ਪੂਰਾ ਕਰਨ ਵਿਚ ਅਸਫ਼ਲ ਰਹੇ ਹਨ।