ਚੰਡੀਗੜ੍ਹ : ਪੰਜਾਬ ਪੁਲਿਸ ਨੇ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਅੱਜ ਸਰੰਡਰ ਕਰ ਸਕਦਾ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਵੀ 14 ਅਪ੍ਰੈਲ ਤਕ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਮਹਿਕਮੇ ਨੇ ਲੋਕਾਂ ਨੂੰ ਝੂਠੀਆਂ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਇਹ ਵੀ ਕਿਹਾ ਕਿ ਕੋਈ ਵੀ ਖ਼ਬਰ ਅੱਗੇ ਸ਼ੇਅਰ ਕਰਨ ਤੋਂ ਪਹਿਲਾਂ ਉਸ ਦੀ ਸਚਾਈ ਜ਼ਰੂਰ ਜਾਣ ਲਈ ਜਾਵੇ। ਪੁਲਿਸ ਅਧਿਕਾਰੀਆਂ ਅਨੁਸਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਈ ਗ਼ਲਤ ਜਾਣਕਾਰੀਆਂ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਹਨ, ਇਸ ਲਈ ਕੋਈ ਵੀ ਜਾਣਕਾਰੀ ਅੱਗੇ ਸ਼ੇਅਰ ਕਰਨ ਤੋਂ ਪਹਿਲਾਂ ਇਸ ਦੀ ਸਚਾਈ ਜ਼ਰੂਰ ਪਤਾ ਕਰ ਲਈ ਜਾਵੇ।
ਜ਼ਿਕਰਯੋਗ ਹੈ ਕਿ 18 ਮਾਰਚ ਨੂੰ ਵਾਰਿਸ ਪੰਜਾਬ ਦੇ ਸੰਗਠਨ ਦਾ ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸੰਗਠਨ ਤੇ ਸਹਿਯੋਗੀਆਂ ਖਿਲਾਫ਼ ਐਕਸ਼ਨ ਲਿਆ। ਅੰਮ੍ਰਿਤਪਾਲ ਦੇ 114 ਤੋਂ ਜ਼ਿਆਦਾ ਸਾਥੀ ਗ੍ਰਿਫ਼ਤਾਰ ਹੋ ਚੁੱਕੇ ਹਨ ਪਰ ਅੰਮ੍ਰਿਤਪਾਲ ਅਜੇ ਵੀ ਫਰਾਰ ਹੈ।