ਜਲੰਧਰ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ


ਜਲੰਧਰ/ਚੰਡੀਗੜ੍ਹ- 10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਮੁੱਖ ਚੋਣ ਅਧਿਕਾਰੀ ਪੰਜਾਬ (ਸੀ. ਈ. ਓ.) ਸਿਬਿਨ ਸੀ. ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ ਵੀਰਵਾਰ ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਦਿਨ ਵੀਰਵਾਰ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 21 ਅਪ੍ਰੈਲ ਨੂੰ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ ਹੋਵੇਗੀ। ਵੋਟਾਂ 10 ਮਈ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਦਿਨ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ 15 ਮਈ ਦਿਨ ਸੋਮਵਾਰ ਨੂੰ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਨਾਮਜ਼ਦਗੀ ਪੱਤਰ 13 ਅਪ੍ਰੈਲ ਤੋਂ 20 ਅਪ੍ਰੈਲ 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾਣੇ ਹਨ। ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ। ਇਕ ਸੰਸਦੀ ਚੋਣ ਖੇਤਰ (ਲੋਕ ਸਭਾ) ਸੀਟ ਲਈ ਯੋਗਤਾ ਪ੍ਰਾਪਤ ਕਰਨ ਲਈ ਇਕ ਉਮੀਦਵਾਰ ਨੂੰ ਕਿਸੇ ਵੀ ਸੰਸਦੀ ਹਲਕੇ ਲਈ ਇਕ ਵੋਟਰ ਵਜੋਂ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ। ਇਸ ਨੁਕਤੇ ‘ਤੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *