ਬੈਂਗਲੁਰੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਮੰਤਰੀਆਂ ਦੀ ਇਕ ਮਜ਼ਬੂਤ ਟੀਮ ਅਗਲੇ ਮਹੀਨੇ ਹੋਣ ਵਾਲੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸ਼ਾਮਲ ਹਨ। ਦੱਸ ਦੇਈਏ ਕਿ ਭਾਜਪਾ ਨੇ ਜਿਨ੍ਹਾਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ‘ਚ ਸਭ ਤੋਂ ਪਹਿਲਾਂ ਨਾਂ ਪ੍ਰਧਾਨ ਮੰਤਰੀ ਮੋਦੀ ਦਾ ਹੈ। ਇਸ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਕੌਮੀ ਪ੍ਰਧਾਨ ਜੇ. ਪੀ. ਨੱਢਾ ਦਾ ਨਾਂ ਹੈ। ਇਸ ਤੋਂ ਇਲਾਵਾ ਕਰਨਾਟਕ ਅਤੇ ਦੂਜੇ ਸੂਬਿਆਂ ਦੇ ਪਾਰਟੀ ਨੇਤਾਵਾਂ ਦੀ ਸੂਚੀ ‘ਚ ਥਾਂ ਦਿੱਤੀ ਗਈ ਹੈ।
ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਕੇਂਦਰੀ ਮੰਤਰੀਆਂ ਵਿਚ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਣ, ਸਮ੍ਰਿਤੀ ਇਰਾਨੀ, ਧਰਮਿੰਦਰ ਪ੍ਰਧਾਨ, ਮਨਸੁਖ ਮਾਂਡਵੀਆ ਤੇ ਪ੍ਰਹਿਲਾਦ ਜੋਸ਼ੀ ਸ਼ਾਮਲ ਹਨ। ਆਦਿੱਤਿਆਨਾਥ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਬਸਵਰਾਜ ਬੋਮਈ, ਕਰਨਾਟਕ ਭਾਜਪਾ ਦੇ ਨੇਤਾ ਬੀ. ਐੱਸ. ਯੇਦੀਯੁਰੱਪਾ, ਸਾਬਕਾ ਮੰਤਰੀ ਡੀ. ਵੀ. ਸਦਾਨੰਦ ਗੌੜਾ ਅਤੇ ਕਰਨਾਟਕ ਦੇ ਕੁਝ ਮੰਤਰੀ ਤੇ ਸੂਬੇ ਦੇ ਪਾਰਟੀ ਨੇਤਾ ਵੀ ਸੂਚੀ ਵਿਚ ਸ਼ਾਮਲ ਹਨ। ਦੱਸ ਦੇਈਏ ਕਿ ਕਰਨਾਟਕ ‘ਚ 224 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣੀਆਂ ਹਨ। 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜੇ ਆਉਣਗੇ। ਕਰਨਾਟਕ ਵਿਚ 5.21 ਕਰੋੜ ਵੋਟਰ ਹਨ, ਜਿਨ੍ਹਾਂ ‘ਚ ਪੁਰਸ਼ ਵੋਟਰਾਂ ਦੀ ਗਿਣਤੀ 2.6 ਕਰੋੜ ਹੈ, ਜਦਕਿ ਮਹਿਲਾ ਵੋਟਰਾਂ ਦੀ ਗਿਣਤੀ 2.5 ਕਰੋੜ ਹੈ।