ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਜਲੰਧਰ ਕੈਂਟ ਤੋਂ ਮੌਜੂਦਾ ਕਾਂਗਰਸ ਵਿਧਾਇਕ ਪਰਗਟ ਸਿੰਘ ਨੂੰ ਸਿਆਸੀ ਝਟਕਾ ਦਿੱਤਾ ਹੈ। ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀਆਂ ਕੋਸ਼ਿਸ਼ਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਕਾਂਗਰਸ ਨੇਤਾ ਪਰਮਜੀਤ ਸਿੰਘ ਰਾਏਪੁਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਚ ਪਰਮਜੀਤ ਸਿੰਘ ਰਾਏਪੁਰ ਨੂੰ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਪਰਮਜੀਤ ਸਿੰਘ ਰਾਏਪੁਰ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਕਾਂਗਰਸ ਵਿਚ ਲਿਆਉਣ ਦਾ ਸਿਹਰਾ ਪਰਗਟ ਸਿੰਘ ਨੂੰ ਸੀ ਪਰ ਅੱਜ ਮੁੱਖ ਮੰਤਰੀ ਤੇ ਜਗਬੀਰ ਬਰਾਡ਼ ਨੇ ਮਿਲ ਕੇ ਪਰਗਟ ਸਿੰਘ ਨੂੰ ਆਖਿਰਕਾਰ ਸਿਆਸੀ ਝਟਕਾ ਦੇ ਹੀ ਦਿੱਤਾ।
ਮੁੱਖ ਮੰਤਰੀ ਨੇ ਇਸ ਮੌਕੇ ’ਤੇ ਕਿਹਾ ਕਿ ਜਿਸ ਤਰ੍ਹਾਂ ਵੱਖ-ਵੱਖ ਨੇਤਾਵਾਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਬਣਿਆ ਹੋਇਆ ਹੈ, ਉਸ ਤੋਂ ਸਪਸ਼ਟ ਹੈ ਕਿ ਜਲੰਧਰ ਵਿਚ ਹੋਣ ਜਾ ਰਹੀ ਲੋਕ ਸਭਾ ਸੀਟ ਦੀ ਉਪ-ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਹੀ ਜਿੱਤ ਹੋਵੇਗੀ। ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਦੇਸ਼ ਭਰ ਵਿਚ ਕਾਂਗਰਸ ਦਾ ਗ੍ਰਾਫ ਹੇਠਾਂ ਡਿੱਗ ਰਿਹਾ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਕਾਫ਼ੀ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਦੂਰ ਕਰਨ ਲਈ ਸਖਤ ਕਦਮ ਚੁੱਕੇ ਹਨ। ਇਸ ਮੌਕੇ ’ਤੇ ਜਗਬੀਰ ਬਰਾੜ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਹੁਣ ਆਮ ਆਦਮੀ ਪਾਰਟੀ ਹੈ ਅਤੇ ਸਾਰੀਆਂ ਪਾਰਟੀਆਂ ਦੇ ਨੇਤਾ ਤੇਜ਼ੀ ਨਾਲ ਇਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਮੁੱਖ ਮੰਤਰੀ ਨੇ ਪੰਜਾਬ ਦੀ ਸਿਆਸਤ ਦੀ ਦਿਸ਼ਾ ਹੀ ਬਦਲ ਦਿੱਤੀ ਹੈ।