ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਪੂਰੇ ਪੰਜਾਬ ‘ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।
ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਪਹਿਲਾ, ਗੁਰਅੰਕਿਤ ਕੌਰ ਨੇ ਦੂਜਾ ਅਤੇ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਮੱਲਾਂ ਮਾਰੀਆਂ ਹਨ।
ਮੁੱਖ ਮੰਤਰੀ ਵੱਲੋਂ ਬੱਚੀਆਂ ਨੂੰ ਵਧਾਈ ਅਤੇ ਸ਼ਾਬਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨੋਂ-ਦਿਨ ਉੱਚਾ ਚੁੱਕਣ ਲਈ ਮਾਨ ਸਰਕਾਰ ਵਚਨਬੱਧ ਹੈ ਅਤੇ ਸਿੱਖਿਆ ਸਾਡੀ ਤਰਜ਼ੀਹ ਹੈ।