ਅੰਮ੍ਰਿਤਸਰ- ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਦੇ ਨਾਲ ਉੱਥੇ ਹੀ ਆਈਆਂ ਹੋਈਆਂ ਸੰਗਤਾ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਤੇ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ ‘ਚ ਹੋਇਆ। ਆਪ ਜੀ ਦੇ ਧਰਮ-ਪਤਨੀ ਮਾਤਾ ਮਨਸਾ ਦੇਵੀ ਜੀ ਸਨ। ਆਪ ਜੀ ਦੇ ਘਰ ਦੋ ਪੁੱਤਰ ਮੋਹਨ ਜੀ ਤੇ ਮੋਹਰੀ ਜੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਨੇ ਜਨਮ ਲਿਆ।