ਲੁਧਿਆਣਾ – ਜਲੰਧਰ ਲੋਕ ਸਭਾ ਉਪ ਚੋਣ ’ਚ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਲਈ 19 ਮਈ ਨੂੰ ਮੀਟਿੰਗ ਬੁਲਾਈ ਗਈ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ 25 ਮਾਰਚ ਨੂੰ ਪੂਰਾ ਹੋ ਗਿਆ ਸੀ ਪਰ ਹੁਣ ਤੱਕ ਨਗਰ ਨਿਗਮ ਚੋਣ ਕਰਵਾਉਣ ਲਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ, ਜਿਸ ਦੇ ਲਈ ਚਾਹੇ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਨਾ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰ ਅਸਲੀਅਤ ਇਹ ਹੈ ਕਿ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਜਲੰਧਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।
ਹੁਣ ਜਿੱਤ ਹਾਸਲ ਕਰਨ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਲੋਂ ਨਗਰ ਨਿਗਮ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਸੰਕੇਤ ਲੋਕਲ ਬਾਡੀਜ਼ ਵਿਭਾਗ ਵਲੋਂ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਲਈ 19 ਮਈ ਨੂੰ ਮੀਟਿੰਗ ’ਚ ਮਿਲ ਰਹੇ ਹਨ।