ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ


ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੁੱਢਾ ਦਲ 96 ਕਰੋੜੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵਿਚਕਾਰ ਹੋਈ ਵਾਰਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਮਨ ਬਦਲ ਲਿਆ ਹੈ। ਸਿੱਖ ਹਲਕਿਆਂ ਵਿਚ ਇਹ ਚਰਚਾ ਅਤੇ ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ 20 ਤਾਰੀਖ਼ ਨੂੰ ਅੰਮ੍ਰਿਤਸਰ ਵਿਚ ਹੋਣ ਵਾਲੀ ਮੀਟਿੰਗ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਵਾਪਿਸ ਲੈਣਾ ਤਹਿ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜੋ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹੈੱਡ ਗ੍ਰੰਥੀ ਸਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਪਰ ਸੱਚਾ ਸੌਦਾ ਸਾਧ ਨੂੰ ਅਣਮੰਗੀ ਮੁਆਫੀ ਦਿੱਤੇ ਜਾਣ ਤੋਂ ਬਾਅਦ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ।

ਪਰ ਸਿੱਖ ਹਲਕਿਆਂ ਵਿਚ ਇਹ ਗੱਲ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਸੀ ਕਿ ਜਥੇਦਾਰ ਵੱਲੋਂ ਸਿੱਖ ਮਸਲਿਆਂ ’ਤੇ ਅਪਣਾਈ ਪਹੁੰਚ ਨੂੰ ਲੈ ਕੇ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਸਬੰਧ ਸੁਖਾਵੇਂ ਨਹੀਂ ਸਨ ਅਤੇ ਪਿਛਲੇ ਦਿਨੀਂ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਮੰਗਣੀ ’ਤੇ ਜਥੇਦਾਰ ਦੀ ਸ਼ਮੂਲੀਅਤ ਨੇ ਬਲਦੀ ’ਚ ਤੇਲ ਦਾ ਕੰਮ ਕੀਤਾ ਸੀ। ਚਰਚਾ ਸੀ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਇਸ ’ਤੇ ਕੋਈ ਫ਼ੈਸਲਾ ਲਿਆ ਸਕਦਾ ਹੈ ਪਰ ਫਿਲਹਾਲ ਇਹ ਮਾਮਲਾ ਠੰਡੇ ਬਸਤੇ ਵਿਚ ਪੈਂਦਾ ਨਜ਼ਰ ਆ ਰਿਹਾ ਹੈ।

Leave a Reply

Your email address will not be published. Required fields are marked *