ਜਲੰਧਰ- ਬੱਸ ਡਰਾਈਵਰਾਂ ਅਤੇ ਕੰਡਕਟਰਾਂ ਦੀ ਆਊਟਸੋਰਸ ਭਰਤੀ ਵਾਸਤੇ ਲਏ ਗਏ ਟਰਾਇਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਖ਼ੁਫੀਆ ਢੰਗ ਨਾਲ ਬਣਾਇਆ ਗਿਆ 2.50 ਮਿੰਟ ਦਾ ਇਹ ਵੀਡੀਓ ਸਰਹਿੰਦ ਦੀ ਇਕ ਗਰਾਊਂਡ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿਚ ਠੇਕੇਦਾਰ ਵੱਲੋਂ ਡਰਾਈਵਰਾਂ ਤੋਂ ਬੱਸਾਂ ਚਲਵਾ ਕੇ ਟਰਾਇਲ ਲਿਆ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ’ਤੇ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਯੂਨੀਅਨ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਊਟਸੋਰਸ ਭਰਤੀ ਤੁਰੰਤ ਪ੍ਰਭਾਵ ਨਾਲ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਬਿਨਾਂ ਅਗਾਊਂ ਸੂਚਨਾ ਦਿੱਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਲਈ ਵਿਭਾਗ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਪੁਰਾਣੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਤੋਂ ਬਾਅਦ ਕੀਤੀ ਜਾਵੇ। ਇਸ ਤੋਂ ਪਹਿਲਾਂ ਆਊਟਸੋਰਸ ਭਰਤੀ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀਡੀਓ ਯੂਨੀਅਨ ਅਧਿਕਾਰੀਆਂ ਤੱਕ ਪਹੁੰਚਦੇ ਹੀ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਦੀ ਸੂਬਾਈ ਇਕਾਈ ਦੀ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਡਿਪੂ-1 ਤੋਂ ਚਾਨਣ ਸਿੰਘ ਚੰਨਾ, ਡਿਪੂ-2 ਤੋਂ ਸਤਪਾਲ ਸਿੰਘ ਸੱਤਾ ਅਤੇ ਸੀਨੀਅਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸੂਬਾਈ ਇਕਾਈ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਊਟਸੋਰਸ ’ਤੇ ਨਵੇਂ ਕਰਮਚਾਰੀ ਭਰਤੀ ਕਰਕੇ ਯੂਨੀਅਨ ਨੂੰ ਤੋੜਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਤਾਂ ਜੋ ਹੜਤਾਲ ਦੌਰਾਨ ਨਵੇਂ ਕਰਮਚਾਰੀਆਂ ਤੋਂ ਬੱਸਾਂ ਚਲਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਯੂਨੀਅਨ ਇਕਜੁੱਟ ਹੈ ਅਤੇ ਕਿਸੇ ਵੀ ਹਾਲਤ ਵਿਚ ਆਊਟਸੋਰਸ ’ਤੇ ਭਰਤੀ ਨਹੀਂ ਹੋਣ ਦਿੱਤੀ ਜਾਵੇਗੀ ਕਿਉਂਕਿ ਇਸ ਭਰਤੀ ਨਾਲ ਠੇਕਾ ਕਰਮਚਾਰੀਆਂ ਦਾ ਭਵਿੱਖ ਹਨੇਰੇ ਵਿਚ ਡੁੱਬ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਨਾ ਕੀਤਾ ਤਾਂ ਯੂਨੀਅਨ ਰੋਸ ਵਜੋਂ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗੀ।
ਯੂਨੀਅਨ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ ਨੇ ਪੰਜਾਬ ਦੇ ਡਿਪੂਆਂ ਵਿਚ ਖੜ੍ਹੀਆਂ ਬੱਸਾਂ ਬਾਰੇ ਦੱਸਦਿਆਂ ਕਿਹਾ ਕਿ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਘਾਟ ਕਾਰਨ ਬੱਸਾਂ ਚੱਲਣ ਤੋਂ ਅਸਮਰੱਥ ਹਨ। ਇਸ ਬਾਰੇ ਕਈ ਵਾਰ ਦੱਸਿਆ ਜਾ ਚੁੱਕਾ ਹੈ ਪਰ ਵਿਭਾਗੀ ਅਧਿਕਾਰੀਆਂ ਵੱਲੋਂ ਇਸ ਸਬੰਧੀ ਯੋਗ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਵਿਭਾਗ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।