ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ


ਚੰਡੀਗੜ੍ਹ/ਜਲੰਧਰ- ਘੱਲੂਘਾਰਾ ਹਫ਼ਤੇ ਨੂੰ ਨੇੜੇ ਵੇਖਦੇ ਹੋਏ ਪੰਜਾਬ ਪੁਲਸ ਨੇ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਉੱਚ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਅਗਲੇ 10 ਦਿਨਾਂ ਤਕ ਸੂਬੇ ਭਰ ਵਿਚ ਸੁਰੱਖਿਆ ਦੇ ਵਿਆਪਕ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਘੱਲੂਘਾਰਾ ਹਫ਼ਤਾ ਹਰ ਸਾਲ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਸਿਲਸਿਲੇ ’ਚ ਮਨਾਇਆ ਜਾਂਦਾ ਹੈ। ਵਰਣਨਯੋਗ ਹੈ ਕਿ ਪੰਜਾਬ ਵਿਚ 1 ਤੋਂ 6 ਜੂਨ ਦੇ ਵਿਚਕਾਰ ਘੱਲੂਘਾਰਾ ਹਫ਼ਤਾ ਆਉਂਦਾ ਹੈ। ਇਸ ਨੂੰ ਵੇਖਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਫੀਲਡ ਵਿਚ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਅਤੇ ਆਪੋ-ਆਪਣੇ ਖੇਤਰਾਂ ਵਿਚ ਚੌਕਸੀ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਘੱਲੂਘਾਰਾ ਹਫ਼ਤੇ ਸਬੰਧੀ ਕੁਝ ਸਿੱਖ ਸੰਗਠਨਾਂ ਵਲੋਂ ਹਰ ਸਾਲ ਅੰਮ੍ਰਿਤਸਰ ’ਚ ਖਾਸ ਤੌਰ ’ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਖਾਸ ਤੌਰ ’ਤੇ ਕਦਮ ਚੁੱਕੇ ਜਾਂਦੇ ਹਨ ਕਿਉਂਕਿ ਅਜਿਹੇ ਸੰਵੇਦਨਸ਼ੀਲ ਸਮੇਂ ’ਚ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਦੇਸ਼ ਦੀਆਂ ਸਰਗਰਮੀਆਂ ਵੀ ਤੇਜ਼ ਹੋ ਜਾਂਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੂਬੇ ਵਿਚ ਅਮਨ-ਸ਼ਾਂਤੀ ਨੂੰ ਬਣਾ ਕੇ ਰੱਖਣ ਦੀਆਂ ਹਦਾਇਤਾਂ ਸੂਬਾ ਪੁਲਸ ਨੂੰ ਦੇ ਚੁੱਕੇ ਹਨ।

ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਸੁਰੱਖਿਆ ਵਿਵਸਥਾ ਨੂੰ ਸਖ਼ਤ ਕੀਤਾ ਗਿਆ ਹੈ ਅਤੇ ਚੈਕਿੰਗ ਵਧਾਈ ਗਈ ਹੈ। ਸੂਬੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਸੰਵੇਦਨਸ਼ੀਲ ਸੰਸਥਾਵਾਂ ਦੇ ਆਸ-ਪਾਸ ਸੁਰੱਖਿਆ ਨੂੰ ਮਜ਼ਬੂਤ ਬਣਾਇਆ ਗਿਆ ਹੈ ਜਿਸ ਦਾ ਮਕਸਦ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਅਸਫਲ ਬਣਾਉਣਾ ਹੈ। ਪੁਲਸ ਅਧਿਕਾਰੀਆਂ ਨੂੰ ਫੀਲਡ ਵਿਚ ਜਾ ਕੇ ਕੰਮ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *