ਸ੍ਰੀ ਮੁਕਤਸਰ ਸਾਹਿਬ -ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆਂ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੁਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗ਼ਲਤ ਬਿਆਨਬਾਜ਼ੀ ਕਰ ਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸੋਸ਼ਣ ਭੁਗਤ ਚੁੱਕੀਆਂ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫ਼ਤਰ ਵਿਖੇ 11 ਤੋਂ 1 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸੋਸ਼ਣ ਸਬੰਧੀ ਘਟਨਾਵਾਂ ਖ਼ਾਸ ਤੌਰ ’ਤੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਐੱਨ. ਆਰ. ਆਈ, ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲਿਆਂ ਤੋਂ ਅਜਿਹੀਆਂ ਔਰਤਾਂ ਜੋ ਵਿਦੇਸ਼ਾਂ ਵਿਚ ਸੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ।