ਨਸ਼ਾ ਸਮੱਗਲਿੰਗ ਰੋਕਣ ਲਈ ਡਰੋਨ ਦੀ ਰਜਿਸਟ੍ਰੇਸ਼ਨ ਕਰਵਾਏਗੀ ਪੰਜਾਬ ਸਰਕਾਰ : CM ਭਗਵੰਤ ਮਾਨ


ਅੰਮ੍ਰਿਤਸਰ- ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿਚ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਡਰੋਨ ਰਜਿਸਟਰਡ ਕਰਵਾਏ ਜਾਣਗੇ, ਕਿਉਂਕਿ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਡਰੋਨ ਭਾਰਤ ਤੋਂ ਪਾਕਿਸਤਾਨ ਭੇਜੇ ਜਾਂਦੇ ਹਨ ਅਤੇ ਉਥੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਈ ਜਾਂਦੀ ਹੈ। ਇਸ ਦੀ ਰੋਕਥਾਮ ਕਰਨ ਲਈ ਸਰਕਾਰ ਜਲਦ ਹੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰੇਗੀ ਤਾਂ ਜੋ ਕੋਈ ਵਿਅਕਤੀ ਪਾਕਿਸਤਾਨ ਵੱਲ ਡਰੋਨ ਨਾ ਭੇਜ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਿਲੇਜ਼ ਪੁਲਸ ਅਧਿਕਾਰੀ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਗਿਲ ਦੀ ਜਿੱਤ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਕੇ ਪਾਕਿਸਤਾਨ ਦੇ ਇਰਾਦਿਆਂ ਨੂੰ ਨਾਕਾਮ ਕਰ ਕੇ ਸ਼ਹਾਦਤ ਦਾ ਜਾਮ ਪੀਤਾ, ਨਹੀਂ ਤਾਂ ਪਾਕਿਸਤਾਨ ਵਾਲੇ ਪਾਸਿਓਂ ਦੇਸ਼ ਦਾ ਨਕਸ਼ਾ ਬਦਲਣ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਬਹਾਦਰ ਜਵਾਨਾਂ ਨੇ ਦੁਸ਼ਮਣ ਦੀਆਂ ਗੋਲੀਆਂ ਦਾ ਸਾਹਮਣਾ ਕਰਦਿਆਂ ਆਪਣੀ ਛਾਤੀ ਤਾਣ ਕੇ ਦੁਸ਼ਮਣਾਂ ਨੂੰ ਪਿੱਛੇ ਹਟਣ ਲਈ ਮਜ਼ਬੂਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਸ ‘ਚ ਸ਼ਹੀਦ ਹੋਏ ਜਵਾਨਾਂ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦਾ ਵੀ ਐਲਾਨ ਕੀਤਾ ਹੈ ਅਤੇ ਇਕ ਕਰੋੜ ਰੁਪਏ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਦਿੱਤੇ ਜਾ ਰਹੇ ਹਨ। ਖੇਡ ਸਟੇਡੀਅਮਾਂ ਦੀ ਘਾਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਫੌਜ ਵਿੱਚ ਭਰਤੀ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਲਈ ਨਵੇਂ ਸਟੇਡੀਅਮ ਉਸਾਰਨ ਜਾ ਰਹੀ ਹੈ ਅਤੇ ਪੁਰਾਣੇ ਸਟੇਡੀਅਮਾਂ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ।

Leave a Reply

Your email address will not be published. Required fields are marked *