ਜਲੰਧਰ/ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਸੰਜੇ ਸਿੰਘ ਦਾ ਮਣੀਪੁਰ ‘ਚ ਚੱਲ ਰਹੀ ਹਿੰਸਾ ਖ਼ਿਲਾਫ਼ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸੰਸਦ ਭਵਨ ਕੰਪਲੈਕਸ ਪਹੁੰਚੇ ਅਤੇ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ‘ਤੇ ਚਰਚਾ ਹੋਈ। ਦੂਜੇ ਪਾਸੇ ਸਪਾ ਨੇਤਾ ਅਤੇ ਯੂ. ਪੀ. ਦੇ ਸਾਬਕਾ ਸੀ. ਐੱਮ. ਅਖਿਲੇਸ਼ ਯਾਦਵ ਨੇ ਵੀ ਅੱਜ ਸੰਜੇ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਸਮਰਥਨ ਦਿੱਤਾ।
ਸੰਜੇ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਕਬੂਤਰ ਅੱਖਾਂ ਬੰਦ ਕਰ ਲਵੇ ਤਾਂ ਬਿੱਲੀ ਦਾ ਹਮਲਾ ਨਹੀਂ ਰੁਕਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਣੀਪੁਰ ਦੇ ਸੰਕਟ ਨੂੰ ਪਛਾਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਦਨ ਵਿਚ ਆ ਕੇ ਜਵਾਬ ਦਿਓ। ਅੱਖਾਂ ਬੰਦ ਕਰਨ ਨਾਲ ਕੰਮ ਨਹੀਂ ਚੱਲੇਗਾ। ਸੰਜੇ ਸਿੰਘ ਨੇ ਮਨੀਪੁਰ ਦਾ ਮੁੱਦਾ ਉਠਾਇਆ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ, ਇਹ ਅਤਿ ਨਿੰਦਣਯੋਗ ਹੈ। ਇਹ ਲੋਕ ਨਫ਼ਰਤ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਣੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਲੱਗਣਾ ਚਾਹੀਦਾ ਹੈ। ਰਾਸ਼ਟਰਪਤੀ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਕਿ ਹਾਲਾਤ ਕਿਹੋ-ਜਿਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮਣੀਪੁਰ ਵਿਚ ਇਹ ਸਭ ਹੋ ਰਿਹਾ ਸੀ ਤਾਂ ਸਾਡੇ ਪ੍ਰਧਾਨ ਮੰਤਰੀ ਕਦੇ ਜਾਪਾਨ, ਯੂ. ਏ. ਈ. ਵਿਚ ਸਨ।