ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਨੇ 76 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕਰ ਦਿੱਤੇ ਹਨ। ਪੰਜਾਬ ‘ਚ ਇਨ੍ਹਾਂ ਦਾ ਅੰਕੜਾ 583 ‘ਤੇ ਪਹੁੰਚ ਗਿਆ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਨਾਲ ਇਹ ਗਿਣਤੀ 659 ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਛੋਟੇ-ਛੋਟੇ ਵਾਰਡਾਂ ‘ਚ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਲੋਕਾਂ ਨੂੰ ਕਿਸਮਤ ‘ਤੇ ਹੀ ਛੱਡ ਦਿੱਤਾ ਸੀ ਪਰ ਅਸੀਂ ਲੋਕਾਂ ਦੀ ਉਮਰ ਵਧਾਉਣ ਦੀ ਗੱਲ ਕਰ ਰਹੇ ਹਾਂ ਅਤੇ ਉਨ੍ਹਾਂ ਦੀਆਂ ਬੀਮਾਰੀਆਂ ਦਾ ਸਮੇਂ ਸਿਰ ਇਲਾਜ ਮੁਹੱਲਾ ਕਲੀਨਿਕਾਂ ‘ਚ ਹੋ ਰਿਹਾ ਹੈ।ਇਸ ਦੇ ਨਾਲ ਹੀ ਅਸੀਂ ‘ਸੜਕ ਸੁਰੱਖਿਆ ਫੋਰਸ’ ਬਣਾਈ ਹੈ, ਜੋ ਕਿ ਹਾਦਸਿਆਂ ਦੌਰਾਨ ਜਾਨ ਵਾਲੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਧੂਰੀ ਨੂੰ ਪੰਜਾਬ ਦਾ ਰੋਲ ਮਾਡਲ ਬਣਾਇਆ ਜਾਵੇ।