ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। 13-14 ਅਤੇ 15 ਅਗਸਤ ਤੱਕ ਬਾਰਸ਼ ਦਾ ਦੌਰ ਜਾਰੀ ਰਹੇਗਾ। ਆਈਐਮਡੀ ਅਨੁਸਾਰ ਮੱਧ-ਟ੍ਰੋਪੋਸਫੇਅਰਿਕ ਪੱਛਮੀ ਹਵਾਵਾਂ ਵਿਚ ਇਕ ਪੱਛਮੀ ਗੜਬੜੀ ਕਾਰਨ ਕਈ ਖੇਤਰਾਂ ਵਿਚ ਭਾਰੀ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਉੱਤਰਾਖੰਡ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਸ਼ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਪਹਾੜੀ ਰਾਜ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇੱਥੇ ਆਈ. ਐੱਮ. ਡੀ ਨੇ 13 ਅਤੇ 14 ਅਗਸਤ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।