ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਦੇ ਦਿੱਤੀ ਇਹ ਮਨਜ਼ੂਰੀ


ਚੰਡੀਗੜ੍ਹ : ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਉਨ੍ਹਾਂ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਦੀ ਝੋਨੇ ਦੀ ਫ਼ਸਲ ਬੀਤੇ ਜੁਲਾਈ ਮਹੀਨੇ ਆਏ ਹੜ੍ਹਾਂ ਕਾਰਨ ਬਰਬਾਦ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੁਕਸਾਨ ਲਈ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਆਫ਼ਤ ਰਾਹਤ ਫੰਡਾਂ ‘ਚੋਂ ਦਿੱਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਫ਼ਤ ਰਾਹਤ ਫੰਡਾਂ ਦੇ ਨਿਯਮਾਂ ‘ਚ ਛੋਟ ਦਿੱਤੇ ਜਾਣ ਦੀ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਿਆ ਸੀ। ਇਸ ਬਾਰੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਫ਼ਸਲ ਦੇ ਮੁੱਢਲੇ ਲਾਗਤ ਖ਼ਰਚੇ ਵਜੋਂ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਪੱਕਣ ‘ਤੇ ਆਈ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਰਿਹਾ ਹੈ।

ਹੁਣ ਕੇਂਦਰ ਦੀ ਮਨਜ਼ੂਰੀ ਮਗਰੋਂ ਪੰਜਾਬ ਸਰਕਾਰ ਝੋਨੇ ਦੇ ਲਾਗਤ ਖ਼ਰਚੇ ਵਜੋਂ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਸਕੇਗੀ। ਮੰਤਰੀ ਜਿੰਪਾ ਦਾ ਕਹਿਣਾ ਹੈ ਕਿ ਫ਼ਸਲੀ ਨੁਕਸਾਨ ਦੇ ਮੁਆਵਜ਼ੇ ਵਜੋਂ 186 ਕਰੋੜ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ ਅਤੇ 8 ਜ਼ਿਲ੍ਹਿਆਂ ‘ਚ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜੁਲਾਈ ਮਹੀਨੇ ਆਏ ਹੜ੍ਹਾਂ ਕਾਰਨ ਕਰੀਬ 6.25 ਲੱਖ ਏਕੜ ‘ਚ ਲੱਗੀ ਝੋਨੇ ਦੀ ਨਵੀਂ ਫ਼ਸਲ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਈ ਸੀ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ।

Leave a Reply

Your email address will not be published. Required fields are marked *