ਅੰਮ੍ਰਿਤਸਰ,11 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਖਿਡਾਰੀਆਂ ਵਿਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਸ਼ਾਮਲ ਸਨ। ਇਨ੍ਹਾਂ ਸਾਰੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਏਅਰਪੋਰਟ ਪੁੱਜੇ। ਏਅਰਪੋਰਟ ’ਤੇ ਡੀ.ਸੀ. ਖੈਰਾ ਨੇ ਸਾਰੇ ਖਿਡਾਰੀਆਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਸਾਰੇ ਖਿਡਾਰੀ ਅੰਮ੍ਰਿਤਸਰ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਵਾਹੇਗੁਰੂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਨੂੰ ਸਨਮਾਨਿਤ ਕੀਤਾ। ਦੱਸ ਦੇਈਏ ਕਿ ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ’ਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਨੇ ਬੁੱਧਵਾਰ ਯਾਨੀ ਅੱਜ ਖਿਡਾਰੀਆਂ ਦੇ ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।