ਪੰਜਾਬ ਦੇ ਡਿਫਾਲਟਰ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਜਲਦ ਲੈ ਲਓ ਸਕੀਮ ਦਾ ਲਾਹਾ


ਚੰਡੀਗੜ੍ਹ- ਪੰਜਾਬ ਦੇ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ ਗਈ ਯੁਕਮੁਸ਼ਤ ਨਿਬੇੜਾ ਸਕੀਮ (ਓ. ਟੀ. ਐੱਸ.) ਦੀ ਮਿਆਦ ਨੂੰ 24 ਨਵੰਬਰ, 2023 ਤੱਕ ਵਧਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸਕੀਮ ਹਰ ਵਰਗ ਦੇ ਬਿਜਲੀ ਖ਼ਪਤਕਾਰਾਂ (ਏ. ਪੀ. ਖ਼ਪਤਕਾਰਾਂ) ਲਈ ਜਾਰੀ ਰਹੇਗੀ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਓ. ਟੀ. ਐੱਸ. ਸਕੀਮ‌ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ‘ਤੇ ਵਿਆਜ 9 ਫ਼ੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ, ਜਦਕਿ ਪਹਿਲਾਂ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ‘ਤੇ ਲੇਟ ਅਦਾਇਗੀ ‘ਤੇ 18 ਫ਼ੀਸਦੀ ਕੰਪਾਊਂਡਿਗ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ 6 ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ 6 ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਸਿਰਫ 6 ਮਹੀਨਿਆਂ ਲਈ ਹੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਖ਼ਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖ਼ਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *