ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸੱਦੇ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ’ਚ 1600 ਕਰੋੜ ਦੀ ਲਾਗਤ ਨਾਲ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ। ਇਸ ਤਹਿਤ ਉਨ੍ਹਾਂ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਨ ਨੇਸ਼ਨ, ਵਨ ਇਲੈਕਸ਼ਨ ਦੀ ਨਹੀਂ, ਵਨ ਨੇਸ਼ਨ, ਵਨ ਐਜੂਕੇਸ਼ਨ ਤੇ ਵਨ ਹੈਲਥ ਸਿਸਟਮ ਦੀ ਜ਼ਰੂਰਤ ਹੈ।
ਅੰਮ੍ਰਿਤਸਰ ’ਚ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨ ਮਗਰੋਂ ਰਣਜੀਤ ਐਵੀਨਿਊ ’ਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਵਨ ਨੇਸ਼ਨ, ਵਨ ਇਲੈਕਸ਼ਨ ਦੀ ਕਵਾਇਦ ਨੂੰ ਰੋਕਣ ਲਈ ਲੋਕਾਂ ਨੂੰ ਜਾਗਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ’ਚ ਤਬਾਹੀ ਮਚ ਜਾਵੇਗੀ। ਜਿਹੜੇ ਲੀਡਰ ਚੋਣਾਂ ’ਚ ਨਜ਼ਰ ਆਉਂਦੇ ਹਨ ਉਹ ਵੀ ਨਜ਼ਰ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਨ ਨੇਸ਼ਨ, ਵਨ ਇਲੈਕਸ਼ਨ ਨਹੀਂ ਸਗੋਂ ਵਨ ਨੇਸ਼ਨ ਵਨ ਐਜੂਕੇਸ਼ਨ, ਵਨ ਹੈਲਥ ਸਿਸਟਮ ਦੀ ਲੋੜ ਹੈ, ਜੋ ਆਮ ਆਦਮੀ ਪਾਰਟੀ ਦਾ ਨਾਅਰਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਸਿੱਖਿਆ ਨਾਲ ਹੀ ਸੰਭਵ ਹੈ।