ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ, ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ


ਲਖਨਊ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਆਨੰਦ ਨਗਰ ਇਲਾਕੇ ਦੀ ਪੁਰਾਣੀ ਰੇਲਵੇ ਕਾਲੋਨੀ ਵਿਚ ਇਕ ਮਕਾਨ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ ਹਨ। ਹਾਦਸੇ ਮਗਰੋਂ ਘਟਨਾ ਵਾਲੀ ਥਾਂ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕੰਮ ‘ਚ ਜੁੱਟੇ ਹਨ। ਜਾਣਕਾਰੀ ਮੁਤਾਬਕ ਹਾਦਸਾ ਰਾਜਧਾਨੀ ਵਿਚ ਆਨੰਦ ਨਗਰ ਇਲਾਕੇ ਦੀ ਪੁਰਾਣੀ ਰੇਲਵੇ ਕਾਲੋਨੀ ‘ਚ ਵਾਪਰਿਆ, ਜਿੱਥੇ ਅਚਾਨਕ ਇਕ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ਮਗਰੋਂ ਚੀਕ-ਪੁਕਾਰ ਮਚ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਦੇ ਹੀ ਸਾਰੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਹਾਦਸੇ ਵਿਚ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10) ਅਤੇ ਅੰਸ਼ (5) ਸ਼ਾਮਲ ਹਨ। ਡੀ. ਸੀ. ਪੀ. ਪੂਰਬੀ ਹਰਦੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰ ਵਿਚ ਰਹਿ ਰਹੇ 5 ਲੋਕ ਮਲਬੇ ਹੇਠਾਂ ਦੱਬੇ ਗਏ ਸਨ, ਜਿਨ੍ਹਾਂ ‘ਚ ਬੱਚੇ ਵੀ ਸ਼ਾਮਲ ਹਨ। ਸਾਰਿਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਓਧਰ ਮੁੱਖ ਮੰਤਰੀ ਯੋਗੀ ਨੇ ਲਖਨਊ ਵਿਚ ਵਾਪਰੇ ਹਾਦਸੇ ‘ਤੇ ਦੁੱਖ਼ ਜ਼ਾਹਰ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *