ਚੰਡੀਗੜ੍ਹ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਾਰਲੀਮੈਂਟ ਵਿਚ ਸੰਬੋਧਨ ਦੌਰਾਨ ਕੈਨੇਡਾ ‘ਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੇ ਨਾਲ ਹੀ ਭਾਰਤੀ ਡਿਪਲੋਮੈਟ ਨੂੰ ਵੀ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕਿਹਾ ਕਿ ਕੈਨੇਡਾ ਦੀ ਧਰਤੀ ਤੋਂ ਬਹੁਤ ਹੀ ਸੰਨਸਨੀਖੇਜ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਾਜ਼ਮ ਸ਼ਰੇਆਮ ਭਾਰਤੀ ਏਜੰਸੀਆਂ ‘ਤੇ ਲਗਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਖ਼ਬਰ ਨੇ ਸਮੁੱਚੇ ਸੰਸਾਰ ਵਿਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਸਿੱਖਾਂ ਨੂੰ ਫੇਰ ਤੋਂ ਸਾਕਾ ਨਿਲਾਧਾਰਾ, 1984 ਸਿੱਖ ਨਸਲਕੁਸ਼ੀ ਤੇ ਪੰਜਾਬ ਵਿਚ ਸ਼ਰੇਆਮ ਸਿੱਖ ਨੌਜਵਾਨਾਂ ਦੇ ਹੋਏ ਕਤਲੇਆਮ ਦੀ ਯਾਦ ਆਈ ਹੈ। ਜੇਕਰ ਭਾਰਤ ਦੀਆਂ ਏਜੰਸੀਆਂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਸ਼ਾਮਲ ਹਨ ਤਾਂ ਬਹੁਤ ਹੀ ਮੰਦਭਾਗਾ ਹੈ।
ਕੈਨੇਡਾ ਸਰਕਾਰ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੀ ਪਾਰਲੀਮੈਂਟ ਵਿਚ ਭਾਰਤ ਸਰਕਾਰ ਉੱਪਰ ਸ਼ਰੇਆਮ ਲਗਾਏ ਗਏ ਇਲਜ਼ਾਮ ਬਾਬਤ ਭਾਰਤ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਅਤੇ ਸਮੁੱਚੇ ਸੰਸਾਰ ਵਿਚ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਵੇ।