ਚੰਡੀਗੜ੍ਹ : ਕੈਨੇਡਾ ‘ਚ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਸ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਹੈ। ਹਾਲਾਂਕਿ ਇਸ ਘਟਨਾ ਬਾਰੇ ਕੈਨੇਡਾ ਦੀ ਪੁਲਸ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ‘ਚ ਪੁਲਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਗੈਂਗਸਟਰਾਂ ਨਾਲ ਲਿੰਕ ਜੁੜੇ ਹੋਣ ਦੇ ਸ਼ੱਕ ਕਾਰਨ ਪੁਲਸ ਕਈ ਘਰਾਂ ਦੀ ਤਲਾਸ਼ੀ ਲੈ ਰਹੀ ਹੈ। ਖੰਨਾ ‘ਚ ਪੁਲਸ ਵੱਲੋਂ ਗੋਲਡੀ ਬਰਾੜ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਪੁਲਸ ਨੇ ਕਰੀਬ 5 ਥਾਵਾਂ ‘ਤੇ ਛਾਪੇ ਮਾਰੇ। ਇਸੇ ਤਰ੍ਹਾਂ ਰੋਪੜ ਜ਼ਿਲ੍ਹੇ ‘ਚ ਪੰਜਾਬ ਪੁਲਸ ਨੇ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 11 ਵਿਅਕਤੀਆਂ ਨੂੰ ਰਾਊਂਡ ਅਪ ਕੀਤਾ ਗਿਆ।
ਮੁਕਤਸਰ ਸਾਹਿਬ ‘ਚ ਵੀ ਪੰਜਾਬ ਪੁਲਸ ਦੀਆਂ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਦੱਸਣਯੋਗ ਹੈ ਕਿ ਗੋਲਡੀ ਬਰਾੜ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੈ। ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਦਾ ਸਮਰਗਰਮ ਮੈਂਬਰ ਹੈ।