ਬਠਿੰਡਾ : ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰਕੇ ਘੱਟ ਰੇਟ ’ਤੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ। ਬੀਤੀ ਸ਼ਾਮ ਵਿਜੀਲੈਂਸ ਨੇ ਇਸ ਸਬੰਧ ’ਚ ਦੋ ਵਿਅਕਤੀਆਂ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਹਿਰਾਸਤ ’ਚ ਲਿਆ ਸੀ ਤੇ ਅੱਜ ਵਿਕਾਸ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ।
ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਭਲਕੇ 26 ਸਤੰਬਰ ਨੂੰ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਹੈ।