ਬਠਿੰਡਾ : ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਠਿੰਡਾ ’ਚ ਆਪਣੀ ਕੋਠੀ ਬਣਾਉਣ ਲਈ ਪਲਾਟ ਖਰੀਦਣ ਦੇ ਮਾਮਲੇ ’ਚ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਵਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।
ਮਨਪ੍ਰੀਤ ਬਾਦਲ ਪਿਛਲੇ 2 ਮਹੀਨਿਆਂ ਤੋਂ ਸਿਆਸੀ ਤੌਰ ’ਤੇ ਘੱਟ ਹੀ ਸਰਗਰਮ ਦਿਖਾਈ ਦੇ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਿਛਲੇ 2 ਮਹੀਨਿਆਂ ਤੋਂ ਮਨਪ੍ਰੀਤ ਦਾ ਅਤਾ-ਪਤਾ ਨਹੀਂ ਲੱਗ ਰਿਹਾ ਸੀ। ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦੇ ਨਜ਼ਦੀਕੀਆਂ ਦੇ ਟਿਕਾਣਿਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਵੀ ਵਿਜੀਲੈਂਸ ਵਿਭਾਗ ਨੇ ਪਿੰਡ ਬਾਦਲ ਸਥਿਤ ਮਨਪ੍ਰੀਤ ਬਾਦਲ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਸੀ।