ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਜਿੱਥੇ ਕਾਂਗਰਸ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ, ਉੱਥੇ ਹੀ ‘ਆਪ’ ਸਰਕਾਰ ਵੱਲੋਂ ਕਾਂਗਰਸ ‘ਤੇ ਪਲਟਵਾਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਆਪਣੇ ਪੇਜ ‘ਤੇ ਟਵੀਟ ਕਰਦਿਆਂ ਕਿਹਾ ਕਿ ਸੁਖਪਾਲ ਖਹਿਰਾ ਅਤੇ ਪੰਜਾਬ ‘ਚ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਮਾਮਲੇ ‘ਤੇ ਕਾਂਗਰਸ ਅਤੇ ਭਾਜਪਾ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ।
ਸਾਲ 2022 ‘ਚ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਤੋਂ ਟਿਕਟ ਦੇਣ ਦੇ ਮਾਮਲੇ ‘ਚ ਹਾਈਕਮਾਨ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਸੁਖਪਾਲ ਖਹਿਰਾ ਨੂੰ ਪਾਰਟੀ ‘ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਡਰੱਗ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਅੱਜ ਕਾਂਗਰਸ ਨਸ਼ੀਲੇ ਪਦਾਰਥਾਂ ਦੇ ਦੋਸ਼ੀ ਨੂੰ ਬਚਾਉਣ ਦੀ ਹੋਰ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਰਾਣਾ ਗੁਰਜੀਤ ਸਿੰਘ ਦੀ ਉਹ ਚਿੱਠੀ ਵੀ ਸਾਂਝੀ ਕੀਤੀ ਗਈ ਹੈ, ਜੋ ਉਨ੍ਹਾਂ ਵੱਲੋਂ ਹਾਈਕਮਾਨ ਨੂੰ ਲਿਖੀ ਗਈ ਸੀ ਅਤੇ ਖਹਿਰਾ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕੀਤੀ ਗਈ ਸੀ। ਦੱਸਣਯੋਗ ਹੈ ਕਿ ਅੱਜ ਸਵੇਰੇ ਜਲਾਲਾਬਾਦ ਪੁਲਸ ਵੱਲੋਂ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਐੱਨ. ਡੀ. ਪੀ. ਐੱਸ. ਨਾਲ ਜੁੜਿਆ ਪੁਰਾਣਾ ਮਾਮਲਾ ਹੈ।