ਮੁੱਖ ਮੰਤਰੀ ਮਾਨ ਨੇ ਨਾਂ ਲਏ ਬਿਨਾਂ ਘੇਰਿਆ ਸੁਖਪਾਲ ਖਹਿਰਾ, ਕਹੀ ਵੱਡੀ ਗੱਲ


ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਂ ਲਏ ਬਿਨਾਂ ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਤੰਜ ਕੱਸਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟਿਆ ਹੈ ਉਨ੍ਹਾਂ ਸਾਰਿਆਂ ਦਾ ਹਿਸਾਬ-ਕਿਤਾਬ ਹੋਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਦਾ ਨਾਂ 5 ਸਾਲ ਜਾਂ 10-15 ਸਾਲ ਪਹਿਲਾਂ ਵੀ ਨਸ਼ਾ ਤਸਕਰੀ ਵਿੱਚ ਆਇਆ ਤੇ ਉਨ੍ਹਾਂ ਨੇ ਬਾਅਦ ਵਿੱਚ ਦੂਜੀ ਸਰਕਾਰ ਨਾਲ ਮਿਲ ਕੇ ਆਪਣਾ ਨਾਮ ਮਾਮਲੇ ਵਿੱਚੋਂ ਕੱਢਵਾ ਲਿਆ ਉਹ ਵੀ ਬਖ਼ਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜੁਗਾੜ ਚੱਲ ਗਏ ਸਨ ਪਰ ਹੁਣ ਤਾਂ ਹਿਸਾਬ ਦੇਣਾ ਹੀ ਪਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਸ ਦੁਨੀਆ ਵਿੱਚ ਹਿਸਾਬ ਨਾ ਹੋਇਆ ਤਾਂ ਪਰਮਾਤਮਾ ਦੀ ਕਚਹਿਰੀ ਵਿੱਚ ਤਾਂ ਜ਼ਰੂਰ ਲੇਖਾ ਦੇਣਾ ਪਵੇਗਾ ਤੇ ਉਥੇ ਕੋਈ ਵਕੀਲ ਵੀ ਨਹੀਂ ਮਿਲਣਾ ਕਿਉਂਕਿ ਉਥੇ ਅਮਲਾਂ ਦੇ ਨਿਬੇੜੇ ਹੁੰਦੇ ਹਨ। ਮਾਨ ਨੇ ਪੰਜਾਬੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੇਰੇ ‘ਤੇ ਯਕੀਨ ਰੱਖਿਓ ਜਿਨ੍ਹਾਂ-ਜਿਨ੍ਹਾਂ ਨੇ ਪੰਜਾਬ ਦਾ ਪੈਸਾ ਲੁੱਟਿਆ ਹੈ ਮੇਰੇ ਹੁੰਦਿਆਂ ਉਹ ਨਹੀਂ ਬਚਦੇ। ਜਿਨ੍ਹਾਂ ਨੇ ਜੁਆਕਾਂ ਦੀਆਂ ਜਵਾਨੀਆਂ ਤੇ ਤੁਹਾਡਾ ਬੁਢਾਪਾ ਰੋਲਿਆ ਹੈ, ਉਹ ਬਖਸ਼ੇ ਨਹੀਂ ਜਾਣਗੇ।

ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਦਿਨ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ ਸੀ। ਦਰਅਸਲ ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ 2015 ‘ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਸੁਖਪਾਲ ਸਿੰਘ ਖਹਿਰਾ ਦੋ ਦਿਨਾਂ ਦੇ ਪੁਲਸ ਰਿਮਾਂਡ ‘ਤੇ ਹਨ।

Leave a Reply

Your email address will not be published. Required fields are marked *