ਚੰਡੀਗੜ੍ਹ- ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਐੱਸ. ਵਾਈ. ਐੱਲ. ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਪੰਜਾਬ-ਹਰਿਆਣਾ ਦਰਮਿਆਨ ਵਿਵਾਦ ਦਾ ਕਾਰਨ ਐੱਸ. ਵਾਈ. ਐੱਲ. ਨੂੰ ਲੈ ਕੇ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਗਵਰਨਰ ਹਾਊਸ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਨੂੰ ਰਸਤੇ ਵਿਚ ਹੀ ਰੋਕ ਲਿਆ।
ਰਸਤੇ ਵਿਚ ਕੀਤੀ ਗਈ ਬੈਰਿਕੇਡਿੰਗ ਦੌਰਾਨ ਜਦੋਂ ਕਾਂਗਰਸੀ ਬੈਰੀਕੇਡ ‘ਤੇ ਚੜ੍ਹੇ ਤਾਂ ਪੁਲਸ ਨੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਦੂਜੇ ਕਾਂਗਰਸੀ ਆਗੂਆਂ ਨੂੰ ਪੁਲਸ ਨੇ ਹਰਾਸਤ ਵਿੱਚ ਲੈ ਲਿਆ ਹੈ। ਚੰਡੀਗੜ੍ਹ ਪੁਲਸ ਵੱਲੋਂ ਹਿਰਾਸਤ ਵਿਚ ਲਏ ਜਾਣ ਮਗਰੋਂ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਵੀ ਸੂਬੇ ਨੂੰ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਣਗੇ।
ਕਾਂਗਰਸ ਨੇ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ।