ਚੰਡੀਗੜ੍ਹ : ਪੰਜਾਬ ‘ਚ ਤਿਉਹਾਰਾਂ ਤੋਂ ਪਹਿਲਾਂ ਪੁਲਸ ਵੱਲੋਂ ਲਗਾਤਾਰ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਅੱਜ ਫਿਰ ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪਰਮਿੰਦਰ ਪਿੰਦੀ ਵਲੋਂ ਚਲਾਏ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਪੁਲਸ ਵੱਲੋਂ ਇਸ ਗਿਰੋਹ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਪਾਕਿਸਤਾਨ ‘ਚ ਰਹਿ ਰਹੇ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ।
ਇਸ ਮਾਡਿਊਲ ਹਥਿਆਰਾਂ ਦੇ ਜ਼ੋਰ ‘ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਰਿਹਾ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਐਂਟੀ ਗੈਂਗਸਟਰ ਟੈਰਰ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਸਚਿਨ ਉਰਫ਼ ਬੱਚੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ 4 ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।
ਇਸੇ ਤਰ੍ਹਾਂ ਕੁੱਝ ਦਿਨ ਪਹਿਲਾਂ ਪੰਜਾਬ ਪੁਲਸ ਨੇ ਪਾਕਿਸਤਾਨ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ। ਇਨ੍ਹਾਂ ਲੋਕਾਂ ਵਲੋਂ ਤਿਉਹਾਰਾਂ ਤੋਂ ਪਹਿਲਾਂ ਪੰਜਾਬ ‘ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਪੁਲਸ ਨੇ ਫੇਲ੍ਹ ਕਰ ਦਿੱਤਾ।