ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਬੈਠਕ ਵਿੱਚ 8 ਨਵੰਬਰ 2023 ਨੂੰ ਜਨਰਲ ਇਜਲਾਸ ਸੱਦਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ, ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਅਤੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਮੌਕੇ ਦਿੱਤੀ। ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੂਜੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੇਵਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦਾ ਕਾਰਜਕਾਲ ਨਵੰਬਰ ਮਹੀਨੇ ਖ਼ਤਮ ਹੋ ਰਿਹਾ ਹੈ। ਪਿਛਲੀ ਵਾਰ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਪ੍ਰਧਾਨਗੀ ਦੀ ਦੌੜ ਵਿੱਚ ਸਨ ਪਰ ਬੀਬੀ ਜਗੀਰ ਕੌਰ ਨੂੰ ਬਹੁਤ ਘੱਟ ਮੈਂਬਰਾਂ ਦੀ ਸੁਪੋਰਟ ਮਿਲੀ ਜਿਸ ਕਾਰਨ ਹਰਜਿੰਦਰ ਸਿੰਘ ਧਾਮੀ ਵੱਡੇ ਫਰਕ ਨਾਲ ਜਿੱਤੇ ਗਏ ਸਨ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਇਹ ਚੋਣ ਲੜੀ ਸੀ ਪਰ ਉਨ੍ਹਾਂ ਦੀ ਹਾਰ ਹੋਈ ਸੀ।
ਜਨਰਲ ਇਜਲਾਸ ਤੋਂ ਇਲਾਵਾ ਅੱਜ ਦੀ ਬੈਠਕ ਵਿੱਚ ਐੱਸ. ਵਾਈ. ਐੱਲ ਦਾ ਮੁੱਦਾ ਵੀ ਵਿਚਾਰਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਇੱਥੇ ਪਾਣੀ ਦੀ ਜ਼ਿਆਦਾ ਵਰਤੋਂ ਹੁੰਦੀ ਹੈ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਪਾਣੀ ਪਹਿਲਾਂ ਹੀ ਲੋੜ ਤੋਂ ਘੱਟ ਹੈ ਤੇ ਕੇਂਦਰ ਸਰਕਾਰ ਇਸ ‘ਚੋਂ ਵੀ ਵੱਡਾ ਹਿੱਸਾ ਹਰਿਆਣਾ ਨੂੰ ਦੇਣ ਲਈ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ‘ਚ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਵੀ ਇਸ ਮਾਮਲੇ ‘ਚ ਸੂਬੇ ਦੇ ਨਾਲ ਖੜ੍ਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਏਸ਼ੀਅਨ ਖੇਡਾਂ ‘ਚ ਭਾਰਤ ਲਈ ਖੇਡਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਅਤੇ ਵਿੱਤੀ ਸਹਾਇਤਾ ਦੇਣ ਦੀ ਵੀ ਗੱਲ ਕਹੀ।