ਬਠਿੰਡਾ : ਮਾਡਲ ਟਾਊਨ ਫੇਜ਼ ਵਨ ‘ਚ ਪਲਾਟ ਖ਼ਰੀਦ ਮਾਮਲੇ ‘ਚ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੰਗਲਵਾਰ ਨੂੰ ਵਿਜੀਲੈਂਸ ਜਾਂਚ ਲਈ ਵਿਡੀਲੈਂਸ ਦਫ਼ਤਰ ਪਹੁੰਚੇ। ਉਹ ਆਪਣੇ ਵਕੀਲ ਐਡਵੋਕੇਟ ਸੁਖਦੀਪ ਸਿੰਘ ਸਮੇਤ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਪੇਸ਼ ਹੋਣ ਲਈ ਵਿਜੀਲੈਂਸ ਦਫਤਰ ਪਹੁੰਚੇ। ਵਿਜੀਲੈਂਸ ਟੀਮ ਨੇ ਆਪਣੇ ਦਫ਼ਤਰ ਦਾ ਦਰਵਾਜ਼ਾ ਬੰਦ ਕਰਕੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨ ਲਈ ਵਿਜੀਲੈਂਸ ਵੱਲੋਂ ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ, ਜਿਸ ਵਿਚ ਮਨਪ੍ਰੀਤ ਬਾਦਲ ਤੋਂ ਪਲਾਟ ਖਰੀਦ ਤੋਂ ਲੈ ਕੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰ ਕੇ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ। ਉੱਥੇ ਹੀ ਪੀਜੀਆਈ ਚੰਡੀਗੜ੍ਹ ਵੱਲੋਂ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਸੌਂਪਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ ‘ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ, ਜਿਸ ਕਾਰਨ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬੀਤੀ 16 ਅਕਤੂਬਰ ਨੂੰ ਹਾਈ ਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ ‘ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਵਿਜੀਲੈਂਸ ਬਿਊਰੋ ਨੇ ਮੁੜ ਜਾਂਚ ‘ਚ ਸ਼ਾਮਲ ਹੋਣ ਲਈ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਸੀ।