ਨਵੀਂ ਦਿੱਲੀ– ਪਹਿਲਵਾਨ ਬਜਰੰਗ ਪੂਨੀਆ ਨੂੰ ਕੋਚ ਨਰੇਸ਼ ਦਹੀਆ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ। ਦਹੀਆ ਨੇ ਇਸ ਪਹਿਲਵਾਨ ’ਤੇ ਭਾਰਤੀ ਕੁਸ਼ਤੀ ਸੰਘ (ਡਬਲਯੂ. ਐੱਫ. ਆਈ.) ਦੇ ਅਹੁਦੇ ਤੋਂ ਹਟਾਏ ਗਏ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਵਿਰੁੱਧ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੇ ਬਿਆਨ ਨਾਲ ਉਸਦਾ ਅਕਸ ਖਰਾਬ ਕਰਨ ਦਾ ਦੋਸ਼ ਲਾਇਆ ਸੀ। ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜਰੰਗ ਨੇ ਕਿਹਾ ਸੀ ਕਿ ਦਹੀਆ ਕੋਲ ਉਨ੍ਹਾਂ ਦੇ ਅੰਦੋਲਨ ਦਾ ਵਿਰੋਧ ਕਰਨ ਦਾ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਉਸਦੇ ਵਿਰੁੱਧ ਜਿਣਸੀ ਸ਼ੋਸ਼ਣ ਦਾ ਮਾਮਲਾ ਚੱਲ ਰਿਹਾ ਹੈ।