ਚੰਡੀਗੜ੍ਹ, 15 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ।
ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਘਟਨਾਕ੍ਰਮ ਹੈ। ਇਹ ਪਹਿਲੀ ਵਾਰਹੈ ਕਿ ਗੁਰੂ ਕੀ ਗੋਲਕ ਦੀ ਦੁਰਵਰਤੋਂ ਦੇ ਅਜਿਹੇ ਦੋਸ਼ ਸਾਹਮਣੇ ਆਏ ਹਨ ਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਦਾਰ ਸਿਰਸਾ ਕਿਉਂਕਿ ਭਾਜਪਾ ਦੇ ਕੌਮੀ ਸਕੱਤਰ ਹਨ ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਦੇ ਨਜ਼ਦੀਕ ਹਨ, ਇਸ ਲਈ ਕੇਂਦਰੀ ਏਜੰਸੀਆਂ ਕੇਸ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਕਰ ਸਕਣਗੀਆਂ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਇਹਨਾਂ ਦੋਸ਼ਾਂ ਦੀ ਜਾਂਚ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਨਿਸ਼ਚਿਤ ਸਮੇਂ ਅੰਦਰ ਸੱਚ ਸਾਹਮਣੇ ਆ ਸਕੇ।
ਸਰਦਾਰ ਮਜੀਠੀਆ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਇਹਨਾਂ ਦੋਸ਼ਾਂ ਤੋਂ ਹੈਰਾਨ ਹਨ ਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਕੋਈ ਵੀ ਸਿੱਖ ਕਿਸੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੀ ਆਸ ਨਹੀਂ ਕਰ ਸਕਦਾ ਤੇ ਕੇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।