ਅੰਮ੍ਰਿਤਸਰ : ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਤਲ ਅਤੇ ਜਬਰ ਜਨਾਹ ਦੇ ਸੰਗੀਨ ਜ਼ੁਲਮਾਂ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪ੍ਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰ ਕੇ ਉਸ ਨੂੰ ਵਾਰ-ਵਾਰ ਛੱਡਿਆ ਜਾਣਾ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲਾ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ।