ਆਗਾਮੀ ਆਮ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਆਪ: ਅਰਵਿੰਦ ਕੇਜਰੀਵਾਲ

ਗੁਰਦਾਸਪੁਰ, 2 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਨਿੱਚਰਵਾਰ ਨੂੰ ਇੱਥੇ ਹੋਈ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਹੋਇਆ ਭਾਰੀ ਇਕੱਠ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦੇ ਪੱਖ ਵਿੱਚ ਵੱਡਾ ਫ਼ਤਵਾ ਸਾਬਤ ਹੋਇਆ।

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 1854 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ/ਐਲਾਨ/ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੇ ਹੋਏ ਇਸ ਭਾਰੀ ਇਕੱਠ ਨੇ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਦੀ ਹੋਰ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਦੇ ਜਜ਼ਬੇ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ ਅਤੇ ਇੱਥੋਂ ਦੇ ਲੋਕ ਸੁਭਾਅ ਪੱਖੋਂ ਬਹਾਦਰ ਤੇ ਮਿਹਨਤੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਤੋਂ ਚੁਣੇ ਹੋਏ ਆਗੂ ਹਮੇਸ਼ਾ ਅਹਿਮ ਅਹੁਦਿਆਂ ਉਤੇ ਰਹੇ ਪਰ ਉਨ੍ਹਾਂ ਕਦੇ ਵੀ ਇਸ ਖਿੱਤੇ ਤੇ ਇਸ ਦੇ ਲੋਕਾਂ ਦੇ ਵਿਕਾਸ ਦੀ ਪਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਵਾਲੇ ਪ੍ਰਾਜੈਕਟਾਂ ਨੂੰ ਸੂਬਾ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਪ੍ਰਾਜੈਕਟ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿੰਦੇ ਸਨ ਅਤੇ ਉਨ੍ਹਾਂ ਦਾ ਆਮ ਲੋਕਾਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਿਰਫ਼ ਸੜਕਾਂ ਦੇ ਤਖ਼ਮੀਨਿਆਂ ਵਿੱਚੋਂ ਹੀ ਸਰਕਾਰ ਨੇ 163.26 ਕਰੋੜ ਰੁਪਏ ਦੀ ਬੱਚਤ ਕੀਤੀ ਹੈ ਅਤੇ 546 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਪਤਾ ਚੱਲਿਆ ਹੈ, ਜਿਨ੍ਹਾਂ ਦੀ ਕੋਈ ਹੋਂਦ ਹੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਪੈਸੇ ਦੀ ਇਹ ਲੁੱਟ ਰੁਕੀ ਹੈ ਅਤੇ ਹੁਣ ਕਰਦਾਤਾਵਾਂ ਦਾ ਪੈਸਾ ਹੜੱਪ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਾਰਨ ਲੋਕ ਹਮੇਸ਼ਾ ਸਾਡੀ ਪਾਰਟੀ ਦੀ ਹਮਾਇਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਪਾਰਟੀ ਨੂੰ ਆਪਣੀ ਹੋਂਦ ਦੇ ਮਹਿਜ਼ 11 ਸਾਲਾਂ ਵਿੱਚ ਹੀ ਕੌਮੀ ਪਾਰਟੀ ਦਾ ਦਰਜਾ ਮਿਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ, ਮਿਆਰੀ ਸਿੱਖਿਆ ਅਤੇ ਲੋਕਾਂ ਲਈ ਚੰਗੀਆਂ ਸਿਹਤ ਸਹੂਲਤਾਂ, ਸਨਅਤੀ ਤੇ ਹੋਰ ਖ਼ੇਤਰਾਂ ਲਈ ਵੱਧ ਤੋਂ ਵੱਧ ਨਿਵੇਸ਼ ਜੁਟਾ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਨਾਲ ਵਿਦੇਸ਼ਾਂ ਵਿੱਚੋਂ ਸੂਬੇ ਦੇ ਨੌਜਵਾਨਾਂ ਦੀ ਵਾਪਸੀ ਦਾ ਰੁਝਾਨ ਸ਼ੁਰੂ ਹੋਇਆ ਹੈ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਆਰ.ਡੀ.ਐਫ. ਦਾ ਸੂਬੇ ਦਾ ਬਣਦਾ ਹਿੱਸਾ ਰੋਕ ਦਿੱਤਾ ਹੈ, ਜਿਸ ਨਾਲ ਪੇਂਡੂ ਖ਼ੇਤਰਾਂ ਦੇ ਵਿਕਾਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੀ.ਐਸ.ਟੀ. ਦੇ ਮਾਮਲੇ ਵਿੱਚ ਕੀਤਾ ਗਿਆ ਹੈ ਅਤੇ ਲੰਮੇ ਸਮੇਂ ਤੋਂ ਫੰਡ ਜਾਰੀ ਨਾ ਕਰ ਕੇ ਭਾਜਪਾ ਆਪਣਾ ਪੰਜਾਬ ਵਿਰੋਧੀ ਚਿਹਰਾ ਜੱਗ-ਜ਼ਾਹਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਰੇਕ ਕਦਮ ਪੰਜਾਬ ਤੇ ਪੰਜਾਬੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਚੁੱਕਿਆ ਜਾ ਰਿਹਾ ਹੈ ਪਰ ਅਸੀਂ ਕਦੇ ਵੀ ਉਨ੍ਹਾਂ ਸਾਹਮਣੇ ਨਹੀਂ ਝੁਕਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ ਬਾਰੇ ਟਿੱਪਣੀ ਕਰਦਿਆਂ ਆਖਿਆ ਕਿ ਚੋਣਾਂ ਮਗਰੋਂ ਉਨ੍ਹਾਂ ਆਪਣੇ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਅਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਨੂੰ ਆਮ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਇਨ੍ਹਾਂ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ ਅਤੇ ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ, ਜਿਹੜੇ ਲੋਕਾਂ ਨੂੰ ਸਮਰਪਿਤ ਹੋਣ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਅਤਿਵਾਦ ਤੇ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਇਹ ਹੈ ਕਿ ਜਦੋਂ ਵੀ ਸੂਬੇ ਨੂੰ ਦੇਸ਼ ਦੀ ਤਰਫ਼ ਤੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕੇਂਦਰੀ ਬਲਾਂ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਮੋਟੀ ਫ਼ੀਸ ਤਾਰਨ ਲਈ ਕਹਿ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਜਿਹੜੇ ਸੂਬੇ ਦੇ ਸਭ ਤੋਂ ਵੱਧ ਪੁੱਤਰ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ, ਉਸ ਨੂੰ ਅਜਿਹੀਆਂ ਫ਼ੀਸਾਂ ਭਰਨੀਆਂ ਪੈਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ ਤਾਂ ‘ਭਾੜੇ ਉਤੇ ਅਰਧ ਸੈਨਿਕ ਬਲਾਂ’ ਵਾਲੀ ਧਾਰਾ ਖ਼ਤਮ ਹੋਣੀ ਚਾਹੀਦੀ ਹੈ ਅਤੇ ਕੇਂਦਰ ਨੂੰ ਕੇਂਦਰੀ ਬਲਾਂ ਦੀਆਂ ਕੰਪਨੀਆਂ ਦੀ ਤਾਇਨਾਤੀ ਵਿੱਚ ਫਰਾਖਦਿਲੀਂ ਦਿਖਾਉਣੀ ਚਾਹੀਦੀ ਹੈ ਕਿਉਂਕਿ ਹੁਣ ਮੰਗ ਤੋਂ ਬਹੁਤ ਘੱਟ ਫੋਰਸ ਤਾਇਨਾਤ ਕੀਤੀ ਜਾਂਦੀ ਹੈ।

ਆਪਣੇ ਆਪ ਨੂੰ ‘ਮਾਝੇ ਦਾ ਜਰਨੈਲ’ ਦੱਸਣ ਵਾਲੇ ਬਿਕਰਮ ਸਿੰਘ ਮਜੀਠੀਆ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੇ ਪੁਰਖਿਆਂ ਨੇ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਮਗਰੋਂ ਜਨਰਲ ਡਾਇਰ ਨੂੰ ਰਾਤ ਦਾ ਖਾਣਾ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਇੱਥੋਂ ਤੱਕ ਕਿ ਮੇਰਠ ਦੇ ਫੌਜੀ ਸਿਖਲਾਈ ਕੇਂਦਰ ਲਈ ਆਏ ਅਰਬੀ ਨਸਲ ਦੇ ਘੋੜੇ ਵੀ ਗਾਇਬ ਕਰ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਨਹੀਂ, ਸਗੋਂ ਆਪਣੇ ਪਰਿਵਾਰ ਦੀ ‘ਸ਼ੱਕੀ ਵਿਰਾਸਤ’ ਨੂੰ ਅੱਗੇ ਵਧਾਉਂਦਿਆਂ ਮਜੀਠੀਆ ਨੇ ਵੀ ਆਪਣੀ ਚੜ੍ਹਤ ਦੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਲੁੱਟਿਆ। ਉਨ੍ਹਾਂ ਅਕਾਲੀ ਆਗੂ ਉਤੇ ਸੂਬੇ ਵਿੱਚ ‘ਚਿੱਟੇ’ ਦਾ ਨਸ਼ਾ ਫੈਲਾਉਣ ਅਤੇ ਹਜ਼ਾਰਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਦਾ ਵੀ ਦੋਸ਼ ਲਾਇਆ।

ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਸੰਜੈ ਸਿੰਘ ਵਰਗੇ ਆਪ ਆਗੂਆਂ ਦੀ ਗ੍ਰਿਫ਼ਤਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਫ਼ਲਤਾ ਤੇ ਇਸ ਦੇ ਲੋਕ ਪੱਖੀ ਸਟੈਂਡ ਤੋਂ ਡਰੀ ਕੇਂਦਰ ਸਰਕਾਰ ਹੁਣ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਤਾਂ ਕਰ ਸਕਦੇ ਹਨ ਪਰ ਉਨ੍ਹਾਂ ਦੀ ਵਿਚਾਰਧਾਰਾ ਤੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਪਿਆਰ ਨੂੰ ਖ਼ਤਮ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਪੇਸ਼ੀਨਗੋਈ ਕੀਤੀ ਕਿ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਆਗਾਮੀ ਆਮ ਚੋਣਾਂ ਦੌਰਾਨ ਆਪ ਸੂਬੇ ਵਿੱਚ ਸਾਰੀਆਂ ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਗਾਮੀ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਉਤੇ ਆਪ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਦਾ ਅੰਤਰ ਆਪ ਦੇ ਪੱਖ ਵਿੱਚ 13-0 ਹੋਵੇਗਾ ਅਤੇ ਦੂਜੀਆਂ ਪਾਰਟੀਆਂ ਦਾ ਖ਼ਾਤਾ ਤੱਕ ਨਹੀਂ ਖੁੱਲ੍ਹੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਇੱਕ ਵਿਆਪਕ ਪੈਕੇਜ ਹੈ, ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਲਾਕੇ ਦੇ ਪੁੱਤਰ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਰੱਖਿਆ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇਸ ਲੋਕ ਸਭਾ ਸੀਟ ਤੋਂ ਸਨੀ ਦਿਓਲ ਨੂੰ ਆਪਣਾ ਨੁਮਾਇੰਦਾ (ਸੰਸਦ ਮੈਂਬਰ) ਚੁਣਿਆ ਸੀ, ਪਰ ਸਨੀ ਦਿਓਲ ਨੇ ਇੱਕ ਵਾਰ ਵੀ ਆਪਣੇ ਹਲਕੇ ਦਾ ਦੌਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਅਕ੍ਰਿਤਘਣ ਲੋਕ ਕਿਸੇ ਕਿਸਮ ਦੀ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਅਸਲੀ ਸੇਵਕ ਚੁਣੇ ਜਾ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਆਮ ਆਦਮੀ ਹੀ ਲੋਕਾਂ ਦੀ ਸਮੱਸਿਆ ਨੂੰ ਜਾਣ ਤੇ ਸਮਝ ਸਕਦਾ ਹੈ ਅਤੇ ਇਸੇ ਲਈ ਇੱਕ ਇਮਾਨਦਾਰ ਤੇ ਲੋਕ ਪੱਖੀ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਫਤ ਬਿਜਲੀ, ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ, 37000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੀ ਸ਼ਰਧਾ ਅਨੁਸਾਰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਮੁੱਖ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡੇ ਪੱਧਰ ’ਤੇ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਇੱਕ ਨਿਵੇਕਲੀ ਤੇ ਲਾਸਾਨੀ ਯੋਜਨਾ ਹੈ, ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਰਾਜ ਵੱਲੋਂ ਸ਼ੁਰੂ ਕੀਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਆਮ ਆਦਮੀ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਰਵਾਇਤੀ ਪਾਰਟੀਆਂ ਉਨ੍ਹਾਂ ਦੀ ਆਲੋਚਨਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦੂਸ਼ਣਬਾਜ਼ੀਆਂ ਉਨ੍ਹਾਂ ਨੂੰ ਆਮ ਆਦਮੀ ਦੀ ਭਲਾਈ ਦੇ ਫੈਸਲੇ ਲੈਣ ਤੋਂ ਕਦੇ ਵੀ ਨਹੀਂ ਰੋਕ ਸਕਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਬਣਾਉਣ ਦਾ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਤੇ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਰਹੇ ਲੋਕਾਂ ਦੇ ਭਾਰੀ ਸਮਰਥਨ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ।

Leave a Reply

Your email address will not be published. Required fields are marked *