ਮਾਨਸਾ, 12 ਦਸੰਬਰ-ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਅੱਜ ਮਾਨਸਾ ਦੀ ਇੱਕ ਅਦਾਲਤ ਵਿੱਚ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੀ ਰਿਹਾਈ ਦੀ ਮੰਗ ਕਰਦੇ ਹੋਏ ਦਾਅਵਾ ਕੀਤਾ ਕਿ ਉਹ ਮਾਰੇ ਗਏ ਪੰਜਾਬੀ ਗਾਇਕ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਸਨ।
ਮੂਸੇ ਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਛੇ ਹਮਲਾਵਰਾਂ ਨੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਿੱਚ ਧਾਰਾ 239 ਕੋਡ ਆਫ ਕਿ੍ਰਮੀਨਲ ਪ੍ਰੋਸੀਜਰ (ਸੀਆਰਪੀਸੀ) ਦੇ ਤਹਿਤ ਇੱਕ ਅਰਜ਼ੀ ਦਾਇਰ ਕਰਕੇ ਹੱਤਿਆ ਦੇ ਮਾਮਲੇ ਵਿੱਚ ਦੋਸ਼ ਮੁਕਤ ਹੋਣ ਦੀ ਮੰਗ ਕੀਤੀ ਹੈ। ਹਾਲਾਂਕਿ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਸੀਆਰਪੀਸੀ ਦੀ ਧਾਰਾ 227 ਦੇ ਤਹਿਤ 235 ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਡਿਸਚਾਰਜ ਦੀ ਮੰਗ ਕੀਤੀ ਹੈ। ਸਰਕਾਰੀ ਵਕੀਲ ਨੇ ਅਦਾਲਤ ਵੱਲੋਂ ਦਾਇਰ ਡਿਸਚਾਰਜ ਅਰਜ਼ੀਆਂ ਦਾ ਜਵਾਬ ਦਾਖ਼ਲ ਕਰਨ ਲਈ ਮੁਲਤਵੀ ਕਰਨ ਦੀ ਮੰਗ ਕੀਤੀ,ਜਿਸ ਤੋਂ ਬਾਅਦ ਅਦਾਲਤ ਨੇ ਜਵਾਬ ਲਈ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬਿਸ਼ਨੋਈ ਅਤੇ ਭਗਵਾਨਪੁਰੀਆ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਹੈ ਕਿ ਉਹ ਕਤਲ ਵਿੱਚ ਸ਼ਾਮਲ ਨਹੀਂ ਸਨ। ਉਨ੍ਹਾਂ ਕਿਹਾ ਕਿ ਉਹ ਕਤਲ ਦੇ ਸਮੇਂ ਜੇਲ੍ਹ ਵਿੱਚ ਬੰਦ ਸਨ ਅਤੇ ਕਤਲ ਵਿੱਚ ਉਨ੍ਹਾਂ ਦਾ ਕੋਈ ਸਰੀਰਕ ਸਬੰਧ ਨਹੀਂ ਸੀ।
ਇਸ ਤੋਂ ਪਹਿਲਾਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਮੋਨੂੰ ਡਾਗਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ।
ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐਸਆਈਟੀ (ਸਿਟ) ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ,ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 32 ਮੁਲਜ਼ਮਾਂ ਖ਼ਿਲਾਫ਼ ਤਿੰਨ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲਾਖੋਰੀ ਦੀ ਇੱਕ ਲੜੀ ਦਾ ਹਿੱਸਾ ਸੀ। ਐਸਆਈਟੀ ਨੇ ਮੂਸੇਵਾਲਾ ਦੇ ਕਤਲ ਵਿੱਚ ਬਿਸ਼ਨੋਈ ਅਤੇ ਭਗਵਾਨਪੁਰੀਆ ਨੂੰ ਮੁੱਖ ਸਾਜ਼ਸ਼ਿਕਰਤਾ ਅਤੇ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਵਜੋਂ ਨਾਮਜ਼ਦ ਕੀਤਾ ਹੈ।
ਐਸਆਈਟੀ ਦੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਬਿਸ਼ਨੋਈ ਨੇ ਸੋਸ਼ਲ ਮੀਡੀਆ ’ਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਗੋਲੀਬਾਰੀ ਕਰਨ ਵਾਲਿਆਂ ਤੋਂ ਪੁੱਛਗਿੱਛ ਦੌਰਾਨ ਉਸਦਾ ਲਿੰਕ ਵੀ ਸਥਾਪਿਤ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨਾਲ ਮਿਲਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਬਣਾਈ ਸੀ।
ਇਸ ਦੌਰਾਨ ਮਾਨਸਾ ਪੁਲੀਸ ਨੇ ਅਜੇਭਾਈਜਾਨ ਤੋਂ ਹਵਾਲਗੀ ਕੀਤੇ ਗਏ ਇੱਕ ਹੋਰ ਮੁਲਜ਼ਮ ਸਚਿਨ ਥਾਪਨ ਬਿਸ਼ਨੋਈ ਵਿਰੁੱਧ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨੀ ਹੈ।ਹਾਲਾਂਕਿ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਜੋਗਿੰਦਰ ਸਿੰਘ ਜੋਗਾ ਖ਼ਿਲਾਫ਼ ਪੂਰਕ ਚਾਰਜਸ਼ੀਟ ਅਜੇ ਪੇਸ਼ ਕੀਤੀ ਜਾਣੀ ਹੈ।
ਡੱਬੀ-
ਇਸ ਸਾਲ ਦੇ ਸ਼ੁਰੂ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਇੱਕ ਨਿਊਜ਼ ਚੈਨਲ ਨੂੰ ਦਿੱਤੇ ਦੋ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ, ਪਰ ਅੱਜ ਵਕੀਲਾਂ ਵੱਲੋਂ ਕੀਤੇ ਦਾਅਵੇ ਨੇ ਨਵੀਂ ਸਥਿਤੀ ਪੈਦਾ ਕਰ ਦਿੱਤੀ ਹੈ।
ਸਿੱਧੂ ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਪੈਰ ਪਿੱਛੇ ਖਿੱਚੇ
