ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਚੰਡੀਗੜ੍ਹ, 20 ਦਸੰਬਰ:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *