ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫਤਹਿਗੜ੍ਹ ਸਾਹਿਬ, 27 ਦਸੰਬਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ਼ ਡਟ ਕੇ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ।
ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ।

Leave a Reply

Your email address will not be published. Required fields are marked *