ਚੰਡੀਗੜ੍ਹ, 4 ਜਨਵਰੀ: ਪੰਥਕ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਾਤਲ ਪੁਲੀਸ ਅਧਿਕਾਰੀਆਂ ਵਿਰੁਧ ਅਕਾਲੀ ਦਲ ਦੀ ਸਰਕਾਰ ਵਲੋਂ ਬਣਦੀ ਕਾਨੂੰਨੀ ਕਾਰਵਾਈ ਦੀ ਥਾਂ ਉਹਨਾਂ ਦੀ ਪੁਸ਼ਤਪਨਾਹੀ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਤਲਬ ਕਰ ਕੇ ਪੰਥਕ ਰਵਾਇਤਾਂ ਅਨੁਸਾਰ ਤਨਖ਼ਾਹ ਲਾਉਣ।
ਜਥੇਦਾਰ ਪੰਜੋਲੀ ਨੇ ਕਿਹਾ ਕਿ ਹੁਣ ਤੱਕ ਸਾਹਮਣੇ ਆਏ ਤੱਥਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਤੋਂ ਬਿਲਕੁਲ ਸਪਸ਼ਟ ਹੋ ਗਿਆ ਹੈ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਉਸ ਸਮੇਂ ਅਕਾਲੀ ਦਲ ਦੇ ਵੀ ਪ੍ਰਧਾਨ ਸਨ, ਨੇ ਬੀ.ਪੀ. ਤਿਵਾੜੀ ਦੀ ਰਿਪੋਰਟ ਨੂੰ ਇਸ ਲਈ ਦਬਾ ਲਿਆ ਗਿਆ ਤਾਂ ਕਿ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਦੇ ਰਹਿ ਚੁੱਕੇ ਜਥੇਦਾਰ ਭਾਈ ਕਾਉਂਕੇ ਦੇ ਕਾਤਲਾਂ ਨੂੰ ਸਿਰਫ਼ ਬਚਾਇਆ ਹੀ ਨਹੀਂ ਬਲਕਿ ਉਨ੍ਹਾਂ ਨੂੰ ਤਰੱਕੀਆਂ ਤੇ ਮੂੰਹ ਮੰਗੀਆਂ ਨਿਯੁਕਤੀਆਂ ਕਰ ਕੇ ਉਹਨਾਂ ਦੀ ਨੰਗੀ ਚਿੱਟੀ ਪੁਸ਼ਤਪਨਾਹੀ ਕੀਤੀ।
ਪੰਥਕ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ‘ਪ੍ਰੋਫੈਸਰ ਆਫ਼ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਤ ਸਾਬਕਾ ਆਈ.ਏ.ਐਸ. ਅਧਿਕਾਰੀ ਗੁਰਤੇਜ ਸਿੰਘ ਨੇ ਆਪਣੀ ਹਾਲ ਹੀ ਵਿਚ ਹੋਈ ਇਕ ਇੰਟਰਵਿਊ ਵਿਚ ਦਸਿਆ ਹੈ ਕਿ ਜਦੋਂ ਵੀ ਉਹ ਹੋਰ ਸਿੱਖ ਆਗੂਆਂ ਨਾਲ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਰਿਪੋਰਟ ਉਤੇ ਕਾਰਵਾਈ ਕਰਨ ਲਈ ਕਹਿਣ ਲਈ ਜਾਂਦੇ ਤਾਂ ਉਹ ਇਹ ਕਹਿਕੇ ਟਾਲ ਦਿੰਦੇ ਕਿ ਉਨ੍ਹਾਂ ਅਜੇ ਰਿਪੋਰਟ ਪੜ੍ਹੀ ਨਹੀਂ। ਉਨ੍ਹਾਂ ਇਹ ਵੀ ਦਸਿਆ ਕਿ ਭਾਈ ਕਾਉਂਕੇ ਨੂੰ ਤਸੀਹੇ ਦੇ ਕੇ ਕਤਲ ਕਰਨ ਦੇ ਮੁੱਖ ਦੋਸ਼ੀ ਪੁਲੀਸ ਅਧਕਾਰੀ ਸਵਰਣ ਸਿੰਘ ਘੋਟਨੇ ਨੂੰ ਅਕਸਰ ਹੀ ਪ੍ਰਕਾਸ਼ ਸਿੰਘ ਬਾਦਲ ਦੇ ਸੌਣ ਕਮਰੇ ਵਿਚ ਵੇਖਿਆ ਜਾਂਦਾ ਸੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਇਕ ਵਾਰੀ ਤਾਂ ਪ੍ਰਕਾਸ਼ ਸਿੰਘ ਬਾਦਲ ਇਨਸਾਫ ਮੰਗਣ ਗਏ ਮਨੁੱਖੀ ਅਧਿਕਾਰ ਕਾਰਕੁੰਨਾਂ ਦੇ ਇਕ ਵਫ਼ਦ ਨੂੰ ਬੈਠਣ ਲਈ ਕਹਿ ਕੇ ਦੂਸਰੇ ਦਰਵਾਜ਼ੇ ਰਾਹੀਂ ਬਾਹਰ ਨਿਕਲ ਗਏ ਸਨ।
ਸ਼੍ਰੋਮਣੀ ਕਮੇਟੀ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਸਿੱਖ ਜੱਜਾਂ, ਵਕੀਲਾਂ, ਮਨੁੱਖੀ ਅਧਿਕਾਰ ਕਾਰਕੁੰਨਾਂ ਵਿਚੋਂ ਕਿਸੇ ਪੰਜ ਨਿਰਪੱਖ ਸਿੱਖਾਂ ਦੀ ਇਕ ਕਮੇਟੀ ਬਣਾਉਣ ਜਿਹੜੀ ਇਹ ਜਾਂਚ ਕਰ ਕੇ ਸਿਖ ਪੰਥ ਨੂੰ ਦਸੇ ਕਿ ਕਿਹੜੇ-ਕਿਹੜੇ ਪੰਥਕ ਆਗੂਆਂ ਨੇ ਜਥੇਦਾਰ ਕਾਉਂਕੇ ਦੇ ਕਾਤਲਾਂ ਦੀ ਪੁਸ਼ਤਪਨਾਹੀ ਕੀਤੀ। ਇਹ ਕਮੇਟੀ ਇਹ ਵੀ ਜਾਂਚ ਕਰੇ ਕਿ ਸ਼੍ਰੋਮਣੀ ਕਮੇਟੀ ਦੇ ਕਿਹੜੇ ਅਧਿਕਾਰੀਆਂ ਨੇ ਕਿਸ ਦੇ ਕਹਿਣ ਉਤੇ ਸਵਰਨ ਸਿੰਘ ਘੋਟਨੇ ਦੀ ਅੰਤਮ ਅਰਦਾਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੀ ਕੀਰਤਨ ਕਰਨ ਦੀ ਡਿਊਟੀ ਲਾਈ ਅਤੇ ਇਹ ਡਿਊਟੀ ਨਾ ਨਿਭਾਉਣ ਦੀ ਸੂਰਤ ਵਿਚ ਸਿੱਟੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।
ਪੰਥਕ ਆਗੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਕਿ ਇਸ ਸਮੇਂ ਸਮੁੱਚਾ ਸਿੱਖ ਪੰਥ ਉਹਨਾਂ ਵੱਲ ਵੇਖ ਰਿਹਾ ਹੈ ਕਿ ਉਹ ਸਾਬਕਾ ਜਥੇਦਾਰ ਭਾਈ ਕਾਉਂਕੇ ਦੇ ਕਾਤਲਾਂ ਅਤੇ ਉਹਨਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਪੰਥਕ ਆਗੂਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਕੀ ਭੂਮਿਕਾ ਨਿਭਾਉਂਦੇ ਹਨ। ਉਹਨਾਂ ਕਿਹਾ ਕਿ ਕਾਤਲਾਂ ਵਿਰੁੱਧ ਕੇਸ ਦਰਜ ਕਰਵਾ ਕੇ ਕਾਨੂੰਨੀ ਕਾਰਵਾਈ ਕਰਨੀ ਭਾਵੇਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਪਰ ਕਾਤਲਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਪੰਥਕ ਕਹਾਉਣ ਵਾਲੇ ਆਗੂਆਂ ਨੂੰ ਬੇਪਰਦ ਕਰਨਾ ਅਤੇ ਉਹਨਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨੀ ਜਥੇਦਾਰ ਸਾਹਿਬ ਦੇ ਆਪਣੇ ਅਧਿਕਾਰ ਖੇਤਰ ਵਿਚ ਹੈ ਜਿਸ ਵਿਚ ਹੋ ਰਹੀ ਦੇਰੀ ਨੂੰ ਉਹਨਾਂ ਦੀ ਕਮਜ਼ੋਰੀ ਸਮਝਿਆ ਜਾਵੇਗਾ।
ਜਥੇਦਾਰ ਪੰਜੋਲੀ ਨੇ ਕਿਹਾ ਕਿ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ਼ ਮੁਕੱਦਮੇ ਦਰਜ ਕਰਾਉਣ ਲਈ ਸਰਕਾਰ ਉਤੇ ਦਬਾਅ ਬਣਾਉਣ ਵਾਸਤੇ ਜਥੇਦਾਰ ਸਾਹਿਬ ਨੂੰ ਸਮੁੱਚੀਆਂ ਪੰਥਕ ਧਿਰਾਂ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਕੋਈ ਠੋਸ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ, ਮਹਿਜ਼ ਸ਼੍ਰੋਮਣੀ ਕਮੇਟੀ ਨੂੰ ਕਾਨੂੰਨੀ ਚਾਰਾਜ਼ੋਈ ਕਰਨ ਦਾ ਆਦੇਸ਼ ਦੇਣ ਨਾਲ ਕੋਈ ਨਤੀਜਾ ਸਾਹਮਣੇ ਨਹੀਂ ਆਉਣਾ।