ਚੰਡੀਗੜ੍ਹ, 20 ਅਗਸਤ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਕੈਪਟਨ ਅਤੇ ਸਿੱਧੂ ਵਿਚਾਲੇ ਇਹ ਮੁਲਾਕਾਤ ਸਿਸਵਾਂ ਫਾਰਮ ਹਾਊਸ ਵਿਖੇ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਸਨ।
ਇਸ ਮੌਕੇ ਨਵਜੋਤ ਸਿੱਧੂ ਨੇ ਕਾਰਕੁੰਨਾਂ ਦੀ ਫੀਡਬੈਕ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂੰ ਕਰਵਾਇਆ। ਨਵਜੋਤ ਸਿੱਧੂ ਨੇ ਕੈਪਟਨ ਨੂੰ ਇਕ ਚਿੱਠੀ ਸੌਂਪੀ। ਇਸ ਚਿੱਠੀ ‘ਚ ਮੰਗ ਕੀਤੀ ਗਈ ਹੈ ਕਿ ਕੈਬਨਿਟ ਮੰਤਰੀ ਰੋਜ਼ਾਨਾ ਇਕ ਮੰਤਰੀ ਦੇ ਆਧਾਰ ‘ਤੇ ਪੰਜਾਬ ਕਾਂਗਰਸ ਭਵਨ ‘ਚ ਬੈਠਣ ਤਾਂ ਜੋ ਅਹਿਮ ਮਸਲਿਆਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕੀਤਾ ਜਾ ਸਕੇ।