ਸਿਰਸਾ, 17 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਚਡੂਨੀ) ਵੱਲੋਂ ਦਿੱਲੀ ਜਾਂਦੇ ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕੇ ਜਾਣ ਤੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੇ ਵਿਰੋਧ ’ਚ ਟਰੈਕਟਰ ਮਾਰਚ ਕਰਕੇ ਪ੍ਰਦਰਸ਼ਨ ਕੀਤਾ ਗਿਆ। ਟਰੈਕਟਰ ਮਾਰਚ ਕਰਦੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨਾਲ ਜੁੜੇ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਇਕੱਠੇ ਹੋਏ ਜਿਥੋਂ ਉਹ ਟਰੈਕਟਰ ਮਾਰਚ ਕਰਕੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦੇ ਹੋਏ ਡੱਬਵਾਲੀ ਰੋਡ ਪਹੁੰਚੇ ਜਿਥੇ ਉਨ੍ਹਾਂ ਨੇ ਆਪਣਾ ਟਰੈਕਟਰ ਮਾਰਚ ਸਮਾਪਤ ਕੀਤਾ। ਇਸ ਦੌਰਾਨ ਕਿਸਾਨ ਯੂਨੀਅਨ ਦੇ ਆਗੂ ਸਿਕੰਦਰ ਸਿੰਘ ਰੋੜੀ ਨੇ ਕਿਹਾ ਕਿ ਦਿੱਲੀ ਜਾਂਦੇ ਕਿਸਾਨਾਂ ਨੂੰ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ’ਤੇ ਵੱਡੀਆਂ ਕੰਧਾਂ ਖੜ੍ਹੀਆਂ ਕਰਕੇ ਨਾ ਸਿਰਫ ਰੋਕਿਆ ਗਿਆ ਹੈ ਬਲਕਿ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ, ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚਲਾ ਕੇ ਗੰਭੀਰ ਰੂਪ ’ਚ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਭੁਪਿੰਦਰ ਸਿੰਘ ਵੈਦਵਾਲਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ 18 ਫਰਵਰੀ ਨੂੰ ਕੁਰੂਕਸ਼ੇਤਰ ’ਚ ਮੀਟਿੰਗ ਕਰਗੀ, ਜਿਸ ਵਿੱਚ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਮੌਕੇ ’ਤੇ ਮਹਿਕਪ੍ਰੀਤ ਵਿਨਾਇਕ, ਛਿੰਦਰ ਕੁਮਾਰ ਢੋਟ, ਤੇ ਮਨੀਸ਼ ਵਿਨਾਇਕ ਸਮੇਤ ਅਨੇਕ ਕਿਸਾਨ ਮੌਜੂਦ ਸਨ।